ਡਾ. ਜਯੋਤੀ ਯਾਦਵ ਬੈਂਸ ਨੇ ਐਸਐਸਪੀ ਬਠਿੰਡਾ ਵਜੋਂ ਅਹੁਦਾ ਸੰਭਾਲਿਆ
ਅਸ਼ੋਕ ਵਰਮਾ
ਬਠਿੰਡਾ, 12 ਜਨਵਰੀ 2026 : ਸਾਲ 2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਇਥੇ ਐਸਐਸਪੀ ਬਠਿੰਡਾ ਵਜੋਂ ਅਹੁੱਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਡਾ. ਜਯੋਤੀ ਯਾਦਵ ਬੈਂਸ ਐਸਐਸਪੀ ਖੰਨਾ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਆਪਣਾ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨੇ ਪੁਲਿਸ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ।
ਇਸ ਮੌਕੇ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤਿਵਿਧੀਆਂ ਵਿੱਚ ਸ਼ਾਮਲ ਤੱਤਾਂ ਦੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਖੁਫੀਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਲੋਕ ਪੁਲਿਸ ਦੇ ਭਰੋਸੇਮੰਦ ਸਾਥੀ ਹਨ ਅਤੇ ਨਸ਼ੇ ਜਾਂ ਅਪਰਾਧ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝਾ ਕੀਤਾ ਜਾਵੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਭਰੋਸਾ ਕਾਇਮ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।