← ਪਿਛੇ ਪਰਤੋ
ਡਿਪਟੀ ਕਮਿਸ਼ਨਰ ਵੱਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਅਪੀਲ ਅਸ਼ੋਕ ਵਰਮਾ ਬਠਿੰਡਾ, 28 ਅਗਸਤ 2025 : ਨਿਸ਼ਕਾਮ ਸੇਵਾ ਕਰਨਾ ਜਿਥੇ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਉਥੇ ਹੀ ਸਮਾਜ ਸੇਵਾ ਕਿਸਮਤ ਵਾਲਿਆਂ ਦੇ ਹੀ ਹਿੱਸਾ ਆਉਂਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਮੌਜੂਦ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖਾਸ ਤੌਰ ‘ਤੇ ਲੜਕੀਆਂ ਨੂੰ ਸਿਲਾਈ-ਕਢਾਈ ਤੋਂ ਇਲਾਵਾ ਆਪਣੇ ਪੈਰਾ ਸਿਰ ਖੜ੍ਹੇ ਹੋਣ ਲਈ ਕੰਪਿਊਟਰ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਮੈਥ, ਸਾਇੰਸ, ਕੰਪਿਊਟਰ ਅਤੇ ਅੰਗਰੇਜ਼ੀ ਪੜ੍ਹਾਉਣ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਕੋਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਸੁੱਕੇ ਰਾਸ਼ਨ ਤੋਂ ਇਲਾਵਾ ਪੀਣ ਲਈ ਪਾਣੀ ਅਤੇ ਪਸ਼ੂ ਲਈ ਹਰੇ-ਚਾਰੇ ਆਦਿ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਸਕੱਤਰ ਰੈੱਡ ਕਰਾਸ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Total Responses : 585