ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ
- ਕਿਹਾ, ਜ਼ਿਲ੍ਹੇ ਵਿੱਚ ਤੇਲ, ਰਾਸ਼ਨ, ਰਸੋਈ ਗੈਸ ਦੀ ਨਹੀਂ ਹੈ ਕੋਈ ਘਾਟ ,ਸੋਸ਼ਲ ਮੀਡੀਆ ਜ਼ਰੀਏ ਮਿਲ ਰਹੀਆਂ ਫ਼ਾਲਤੂ ਸਲਾਹਾਂ ਉੱਤੇ ਗ਼ੌਰ ਨਾ ਕਰੋ
ਰੋਹਿਤ ਗੁਪਤਾ
ਗੁਰਦਾਸਪੁਰ, 8 ਮਈ 2025 - ਹਿੰਦ-ਪਾਕਿ ਸਰਹੱਦ 'ਤੇ ਬਣੇ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01874-266376 ਜਨਤਾ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਰਾਊਂਡ ਦੀ ਕਲਾਕ ਚੱਲ ਰਿਹਾ ਹੈ ਅਤੇ ਲੋੜ ਪੈਣ 'ਤੇ ਜ਼ਿਲ੍ਹਾ ਵਾਸੀ ਇਸ ਨੰਬਰ 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੇ ਸਮੇਂ ਜ਼ਿਲ੍ਹੇ ਦੀਆਂ ਸਾਰੀਆਂ ਟੀਮਾਂ ਕੁਇੱਕ ਰਿਸਪਾਂਸ ਦੇਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ। ਇਸ ਮੌਕੇ ਉਨ੍ਹਾਂ ਮੈਡੀਕਲ ਐਮਰਜੈਂਸੀ, ਰਿਲੀਫ ਸੈਂਟਰ ਸਮੇਤ ਸਿਵਲ ਡਿਫੈਂਸ ਪਲਾਨ ਦਾ ਰੀਵਿਊ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਨੇ ਇਸ ਤਣਾਅ ਦੌਰਾਨ ਪੈਟਰੋਲ ਪੰਪਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਏਟੀਐਮ ਉੱਪਰ ਲੱਗੀਆਂ ਲੋਕਾਂ ਦੀਆਂ ਲਾਈਨਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ, ਜਿੰਨਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਾਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ। ਉਨ੍ਹਾਂ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਨ੍ਹਾਂ ਕਿਹਾ ਕਿ ਹਰੇਕ ਸੂਚਨਾ, ਖ਼ਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਉਸ ਉੱਤੇ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖ਼ਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰਕੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਲੋਕ ਬਿਲਕੁਲ ਨਾ ਘਬਰਾਉਣ।