ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮੁਫ਼ਤ ਜਾਂਚ ਸੇਵਾ ਸ਼ੁਰੂ
ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਮਨਪ੍ਰੀਤ ਸਿੰਘ
ਰੂਪਨਗਰ, 23 ਜੂਨ:
ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਦੁੱਧ ਉਪਲਬਧ ਕਰਵਾਉਣ ਦੇ ਮੰਤਵ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰੇਲੂ ਵਰਤੋਂ ਲਈ ਲਿਆਂਦੇ ਜਾਂਦੇ ਦੁੱਧ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਦੁੱਧ ਵਿੱਚ ਮਿਲਾਵਟ ਕਰਨ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਭਾਗ ਵੱਲੋਂ ਦੁੱਧ ਦੀ ਮੁਫ਼ਤ ਜਾਂਚ ਸੇਵਾ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਰੂਪਨਗਰ ਸ੍ਰੀ ਨਵਪੁਨੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਦੁੱਧ ਦੇ ਨਮੂਨਿਆਂ ਦੀ ਆਧੁਨਿਕ ਤਕਨੀਕ ਰਾਹੀਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਦੁੱਧ ਵਿੱਚ ਯੂਰੀਆ, ਸਟਾਰਚ, ਸ਼ੂਗਰ, ਫੈਟ, ਪ੍ਰੋਟੀਨ ਅਤੇ ਹੋਰ ਮਹੱਤਵਪੂਰਨ ਤੱਤਾਂ ਦੀ ਮਾਤਰਾ ਦੀ ਜਾਂਚ ਕੀਤੀ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਇਹ ਜਾਣਨ ਵਿੱਚ ਮਦਦ ਮਿਲਦੀ ਹੈ ਕਿ ਉਨ੍ਹਾਂ ਦੇ ਘਰਾਂ ਵਿੱਚ ਵਰਤਿਆ ਜਾ ਰਿਹਾ ਦੁੱਧ ਸ਼ੁੱਧ ਹੈ ਜਾਂ ਨਹੀਂ।
ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਦੁੱਧ ਜਾਂਚ ਕੈਂਪ ਹਰ ਰੋਜ਼ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਵਿਖੇ ਲਗਾਇਆ ਜਾਂਦਾ ਹੈ। ਇਹ ਦਫ਼ਤਰ ਕਮਰਾ ਨੰਬਰ 209, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਪਟਵਾਰਖਾਨਾ ਨੇੜੇ, ਰੂਪਨਗਰ ਵਿਖੇ ਸਥਿਤ ਹੈ। ਕੈਂਪ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਡੇਅਰੀ ਵਿਕਾਸ ਇੰਸਪੈਕਟਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਘਰਾਂ ਵਿੱਚ ਵਰਤੇ ਜਾ ਰਹੇ ਦੁੱਧ ਦੇ ਨਮੂਨੇ ਜਾਂਚ ਲਈ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਦੁੱਧ ਦੀ ਸ਼ੁੱਧਤਾ ਮਨੁੱਖੀ ਸਿਹਤ ਨਾਲ ਸਿੱਧੇ ਤੌਰ 'ਤੇ ਜੁੜੀ ਹੋਈ ਹੈ ਅਤੇ ਸਮੇਂ-ਸਮੇਂ 'ਤੇ ਜਾਂਚ ਕਰਵਾਉਣ ਨਾਲ ਮਿਲਾਵਟਖੋਰੀ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਤਰ੍ਹਾਂ ਦੇ ਉਪਰਾਲੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਦੁੱਧ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।
- Download Babushahi App
-
-