ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਮਾਮਲਾ: ਸੁਖਬੀਰ ਸਿੰਘ ਬਾਦਲ ਨੇ CM ਦੇਵੇਂਦਰ ਫੜਨਵੀਸ ਨਾਲ ਕੀਤੀ ਗੱਲਬਾਤ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ/ਮੁੰਬਈ 28 June 2026:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਨ ਬੋਰਡ (Takht Sri Hazur Sahib Management Board) ਸੰਬੰਧੀ ਮਹਾਰਾਸ਼ਟਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਕਾਨੂੰਨ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Devendra Fadnavis) ਨਾਲ ਟੈਲੀਫ਼ੋਨ 'ਤੇ ਵਿਸ਼ੇਸ਼ ਗੱਲਬਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਫੜਨਵੀਸ ਨੂੰ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਸਰੋਕਾਰਾਂ ਤੋਂ ਨਿੱਜੀ ਤੌਰ 'ਤੇ ਜਾਣੂ ਕਰਵਾਉਣ ਲਈ ਸਮਾਂ ਮੰਗਿਆ ਹੈ, ਜਿਸ 'ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਲਦੀ ਹੀ ਮੁਲਾਕਾਤ ਲਈ ਸਮਾਂ ਦੇਣ ਦਾ ਭਰੋਸਾ ਦਿੱਤਾ ਹੈ।
ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਕੀ ਢਾਂਚੇ ਜਾਂ ਕਾਨੂੰਨ ਵਿੱਚ ਕੋਈ ਵੀ ਬਦਲਾਅ ਕਰਨ ਤੋਂ ਪਹਿਲਾਂ ਸਿੱਖ ਜਗਤ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਨਾਲ ਡੂੰਘੀ ਸਲਾਹ-ਮਸ਼ਵਰਾ ਪ੍ਰਕਿਰਿਆ ਅਮਲ ਵਿੱਚ ਲਿਆਉਣੀ ਚਾਹੀਦੀ ਹੈ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਸੰਗਤ ਦੀ ਰਾਏ ਲਏ ਬਿਨਾਂ ਸਰਕਾਰ ਵੱਲੋਂ ਇਕਪਾਸੜ ਤੌਰ 'ਤੇ ਲਿਆ ਗਿਆ ਕੋਈ ਵੀ ਫੈਸਲਾ ਸਿੱਖ ਭਾਈਚਾਰੇ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪੈਦਾ ਕਰ ਸਕਦਾ ਹੈ, ਇਸ ਲਈ ਧਾਰਮਿਕ ਮਾਮਲਿਆਂ ਵਿੱਚ ਮਰਿਆਦਾ ਅਤੇ ਸੰਗਤ ਦੀ ਸਰਵਉੱਚਤਾ ਨੂੰ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ।
- Download Babushahi App
-
-