ਤਰਨਤਾਰਨ : ਸਰਪੰਚ ਕਤਲ ਮਾਮਲੇ ਦੀ ਗੈਂਗਸਟਰ ਗੁਰਜੰਟ ਜਵਾਂਡਾ ਅਤੇ ਯਾਦਾ ਚੰਬਾ ਨੇ ਲਈ ਜ਼ਿੰਮੇਵਾਰੀ
ਬਾਬੂਸ਼ਾਹੀ ਬਿਊਰੋ
ਤਰਨਤਾਰਨ, 7 ਅਕਤੂਬਰ, 2026: ਤਰਨਤਾਰਨ ਦੇ ਪੱਟੀ ਇਲਾਕੇ ਅਧੀਨ ਪੈਂਦੇ ਪਿੰਡ ਟੂਟ ਵਿੱਚ 6 ਅਕਤੂਬਰ ਦੀ ਸ਼ਾਮ ਨੂੰ ਸਰਪੰਚ ਅਸ਼ਵਨੀ ਕੁਮਾਰ ਉਰਫ਼ ਅਸ਼ਵਨੀ ਦੇਵਗਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਨਾਮੀ ਗੈਂਗਸਟਰਾਂ ਗੁਰਜੰਟ ਜਵਾਂਡਾ ਅਤੇ ਯਾਦਾ ਚੰਬਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਗਿਰੋਹ ਦੇ ਮੈਂਬਰਾਂ ਅਜ਼ਮੀਤ ਅਤੇ ਗੋਰ ਝੁੱਗੀਆਂ ਦੀ ਮੌਤ ਦਾ ਬਦਲਾ ਲੈਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸੋਸ਼ਲ ਮੀਡੀਆ ਪੋਸਟ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਬੇਹੱਦ ਤੇਜ਼ ਕਰ ਦਿੱਤੀ ਹੈ ਅਤੇ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਦੇ ਨਾਲ-ਨਾਲ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਸਰਪੰਚ ਅਸ਼ਵਨੀ ਕੁਮਾਰ ਆਪਣੀ ਇਨੋਵਾ ਕਾਰ ਵਿੱਚ ਕਰਿਆਨੇ ਦੀ ਦੁਕਾਨ ਤੋਂ ਨਿਕਲ ਕੇ ਦਾਣਾ ਮੰਡੀ ਟੂਟ ਸਥਿਤ ਆੜ੍ਹਤ ਦੀ ਦੁਕਾਨ ਵੱਲ ਜਾ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ 'ਤੇ ਆਏ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ 'ਤੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਸਰਪੰਚ ਅਸ਼ਵਨੀ ਕੁਮਾਰ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਮੌਜੂਦ ਡਰਾਈਵਰ ਚਮਕੌਰ ਸਿੰਘ ਗੋਲੀਆਂ ਦੇ ਛੱਰਰੇ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਮ੍ਰਿਤਕ ਸਰਪੰਚ ਦੀ ਪਤਨੀ ਪਰਵੀਨ ਕੁਮਾਰੀ ਨੇ ਪ੍ਰਸ਼ਾਸਨ ਸਾਹਮਣੇ ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਪਿਛਲੇ ਕੁਝ ਸਮੇਂ ਤੋਂ ਇੱਕ ਗੈਂਗਸਟਰ ਗਿਰੋਹ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਹਮਲਾਵਰਾਂ ਵੱਲੋਂ ਸਰਪੰਚ ਤੋਂ 50 ਲੱਖ ਰੁਪਏ ਦੀ ਰੰਗਦਾਰੀ ਮੰਗੀ ਜਾ ਰਹੀ ਸੀ ਅਤੇ ਪੈਸੇ ਨਾ ਦੇਣ 'ਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਨੇ ਸ਼ੱਕੀ ਹਮਲਾਵਰਾਂ ਦੀ ਤਸਵੀਰ ਜਾਰੀ ਕਰਦਿਆਂ ਆਮ ਜਨਤਾ ਤੋਂ ਜਾਣਕਾਰੀ ਮੰਗੀ ਹੈ ਅਤੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
- Download Babushahi App
-
-