ਤਰਨਤਾਰਨ ਬੱਸ ਹਾਦਸਾ: CM ਮਾਨ ਵੱਲੋਂ ਪੀੜਤ ਪਰਿਵਾਰਾਂ ਅਤੇ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਮੁਆਵਜ਼ੇ ਦਾ ਕੀਤਾ ਐਲਾਨ
Babushahi Network
ਚੰਡੀਗੜ੍ਹ/ਤਰਨਤਾਰਨ, 15 ਨਵੰਬਰ 2026: ਬੀਤੇ ਦਿਨ ਤਰਨਤਾਰਨ ਵਿਖੇ ਵਾਪਰੇ ਭਿਆਨਕ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਜ਼ਖਮੀਆਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਬੱਸਾਂ ਜ਼ਰੀਏ ਜਾ ਰਹੇ ਸ਼ਰਧਾਲੂਆਂ ਨਾਲ ਬੀਤੇ ਦਿਨ ਹਾਦਸਾ ਵਾਪਰ ਗਿਆ ਸੀ, ਜਿਸ ਵਿੱਚ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਸਮੇਤ ਕੁੱਲ ਪੰਜ ਕੀਮਤੀ ਜਾਨਾਂ ਚਲੀਆਂ ਗਈਆਂ ਹਨ, ਜਦਕਿ 11 ਵਿਅਕਤੀ ਜ਼ਖਮੀ ਹੋਏ ਸਨ।
ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਹਾਲਾਂਕਿ ਕਿਸੇ ਵੀ ਇਨਸਾਨੀ ਜਾਨ ਦੀ ਕੋਈ ਕੀਮਤ ਨਹੀਂ ਪਾਈ ਜਾ ਸਕਦੀ, ਪਰ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਮਦਦ ਅਤੇ ਉਨ੍ਹਾਂ ਦਾ ਸਾਰਾ ਇਲਾਜ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ ਅਤੇ ਜ਼ਖਮੀਆਂ ਦੀ ਹਾਲਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ, ਜੋ ਕਿ ਅਗਲੇ ਤਿੰਨ-ਚਾਰ ਦਿਨਾਂ ਵਿੱਚ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਜਾਣਗੇ।
ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਇੱਕ ਅਚਾਨਕ ਵਾਪਰੀ ਕੁਦਰਤੀ ਘਟਨਾ ਸੀ। ਉਨ੍ਹਾਂ ਦੱਸਿਆ ਕਿ ਹਾਈਵੇਅ 'ਤੇ ਅਚਾਨਕ ਇੱਕ ਮੋਟਰਸਾਈਕਲ ਸਵਾਰ ਵੱਲੋਂ ਕੱਟ ਮਾਰਨ ਕਾਰਨ ਬੱਸ ਚਾਲਕ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਬੱਸ ਬੇਕਾਬੂ ਹੋ ਕੇ ਦੂਜੇ ਪਾਸੇ ਜਾ ਰਹੀ ਤੀਰਥ ਯਾਤਰਾ ਦੀ ਹੀ ਦੂਜੀ ਬੱਸ ਨਾਲ ਜਾ ਟਕਰਾਈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹੁਣ ਤੱਕ 17 ਹਜ਼ਾਰ ਦੇ ਕਰੀਬ ਟ੍ਰਿਪ ਲੱਗ ਚੁੱਕੇ ਹਨ ਅਤੇ 7 ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ, ਵਾਹਗਾ ਬਾਰਡਰ ਅਤੇ ਵਰਿੰਦਾਵਨ ਵਰਗੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।
- Download Babushahi App
-
-