ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਿੰਨ ਜ਼ਖਮੀ
Baljit Singh
ਤਰਨ ਤਾਰਨ: ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਬਾਸਰਕੇ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਧਿਰ ਵੱਲੋਂ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਬਜ਼ੁਰਗ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਸਰਬਜੀਤ ਸਿੰਘ ਪੁੱਤਰ ਹਰਬੰਸ ਸਿੰਘ, ਰਣਜੋਤ ਸਿੰਘ ਅਤੇ ਲਵਪ੍ਰੀਤ ਸਿੰਘ ਇਸ ਸਮੇਂ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਪੀੜਤ ਦਾ ਬਿਆਨ ਅਤੇ ਪੁਲਿਸ ਕਾਰਵਾਈ
ਪੀੜਤ ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਦਾ ਹੀ ਰਹਿਣ ਵਾਲਾ ਨਛੱਤਰ ਸਿੰਘ ਨਾਲ ਉਨ੍ਹਾਂ ਦੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ। ਸਰਬਜੀਤ ਸਿੰਘ ਅਨੁਸਾਰ, ਨਛੱਤਰ ਸਿੰਘ ਨੇ ਪਹਿਲਾਂ ਵੀ ਉਨ੍ਹਾਂ ਨੂੰ ਧਮਕੀ ਦਿੱਤੀ ਸੀ ਕਿ ਉਹ ਉਨ੍ਹਾਂ ਦਾ ਕਤਲ ਕਰ ਦੇਵੇਗਾ। ਸਰਬਜੀਤ ਨੇ ਦੱਸਿਆ ਕਿ ਅੱਜ ਨਛੱਤਰ ਸਿੰਘ ਨੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਹ ਅਤੇ ਉਨ੍ਹਾਂ ਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਪੀੜਤਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਮੌਕੇ 'ਤੇ ਪਹੁੰਚੀ ਥਾਣਾ ਖਾਲੜਾ ਦੀ ਪੁਲਿਸ ਨੇ ਦੱਸਿਆ ਕਿ ਸਰਬਜੀਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਅਨੁਸਾਰ, ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।