ਤਰਨ ਤਾਰਨ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲੀਆਂ
ਜਵਾਬੀ ਫਾਇਰਿੰਗ 'ਚ ਗੈਂਗਸਟਰ ਇੰਦਰ ਉਰਫ਼ ਅਜੇ ਜ਼ਖ਼ਮੀ, ਪਿਸਤੌਲ ਤੇ ਮੋਟਰਸਾਈਕਲ ਬਰਾਮਦ
Baljit singh/ ਬਾਬੂਸ਼ਾਹੀ ਬਿਊਰੋ
ਪੱਟੀ/ਤਰਨ ਤਾਰਨ, 10 ਅਗਸਤ (ਬਲਜੀਤ ਸਿੰਘ): ਥਾਣਾ ਸਰਿਹਾਲੀ ਦੇ ਅਧੀਨ ਪੈਂਦੇ ਸਰਿਹਾਲੀ ਸੂਏ ਦੇ ਨੇੜੇ ਸੀ.ਆਈ.ਏ. ਸਟਾਫ਼ ਤਰਨ ਤਾਰਨ ਅਤੇ ਪੁਲਿਸ ਟੀਮ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਗੋਲੀ ਲੱਗਣ ਕਾਰਨ ਇੱਕ ਨਾਮੀ ਬਦਮਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਕਰਵਾਇਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਅਤੇ ਥਾਣਾ ਸਰਿਹਾਲੀ ਦੀ ਪੁਲਿਸ ਟੀਮ ਨੇ ਸਰਿਹਾਲੀ ਸੂਏ ਦੇ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਆਉਂਦਾ ਦਿਖਾਈ ਦਿੱਤਾ, ਜਦੋਂ ਪੁਲਿਸ ਟੀਮ ਨੇ ਉਸ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਵਿਅਕਤੀ ਨੇ ਪੁਲਿਸ ਪਾਰਟੀ 'ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਆਤਮ-ਰੱਖਿਆ ਕਾਰਵਾਈ ਦੌਰਾਨ ਜਵਾਬੀ ਫਾਇਰਿੰਗ 'ਚ ਦੋ ਗੋਲੀਆਂ ਬਦਮਾਸ਼ ਦੀ ਲੱਤ 'ਚ ਲੱਗੀਆਂ, ਜਿਸ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗ ਪਿਆ ਅਤੇ ਪੁਲਿਸ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ।
ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਖ਼ਮੀ ਬਦਮਾਸ਼ ਦੀ ਪਹਿਚਾਣ ਇੰਦਰ ਉਰਫ਼ ਅਜੇ ਵਜੋਂ ਹੋਈ ਹੈ, ਜਿਸ ਕੋਲੋਂ ਇੱਕ ਅਵੈਧ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਫੜੇ ਗਏ ਵਿਅਕਤੀ 'ਤੇ ਪਹਿਲਾਂ ਵੀ ਕਈ ਗੰਭੀਰ ਅਪਰਾਧਿਕ ਮੁਕੱਦਮੇ ਦਰਜ ਹਨ ਅਤੇ ਉਹ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਕਿਸ ਮਕਸਦ ਨਾਲ ਇਲਾਕੇ ਵਿੱਚ ਘੁੰਮ ਰਿਹਾ ਸੀ।
- Download Babushahi App
-
-