ਤਰਨ ਤਾਰਨ ਦੀ ਜ਼ਿਮਨੀ ਚੋਣ ਮੌਕੇ ਈਟੀਟੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ
ਅਸ਼ੋਕ ਵਰਮਾ
ਤਰਨ ਤਾਰਨ, 19 ਅਕਤੂਬਰ 2025 : ਪਿਛਲੀ ਕਾਂਗਰਸ ਸਰਕਾਰ ਦੌਰਾਨ ਆਪਣੇ ਨਾਲ ਹੋਏ ਧੱਕੇ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਮਸਲਾ ਹੱਲ ਕਰਨ ਦਾ ਵਾਅਦਾ ਵਫਾ ਨਾ ਹੋਣ ਤੋਂ ਅੱਗੇ ਈਟੀਟੀ ਅਧਿਆਪਕਾਂ ਨੇ ਅੱਜ ਈ ਟੀ ਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (6505) ਜੈ ਸਿੰਘ ਵਾਲਾ ਦੇ ਸੱਦੇ ਤਹਿਤ ਤਰਨ ਤਾਰਨ ਸ਼ਹਿਰ ਵਿਖੇ ਪੰਜਾਬ ਸਰਕਾਰ ਖਿਲਾਫ ਭੰਡੀ ਪ੍ਰਚਾਰ ਕੀਤਾ ਅਤੇ ਝੂਠੇ ਵਾਅਦਿਆਂ ਦੀਆਂ ਪੋਲਾਂ ਖੋਲੀਆਂ। ਭੜਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਤਰਨ ਤਾਰਨ ਹਲਕੇ ਦੇ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿੱਚ ਸਰਕਾਰ ਦੀ ਪੋਲ ਖੋਲ੍ਹਣ ਸਬੰਧੀ ਪੈਂਫਲਟ ਵੀ ਵੰਡੇ ਗਏ। ਇਨ੍ਹਾਂ ਅਧਿਆਪਕਾਂ ਨੇ ਵੱਖ-ਵੱਖ ਥਾਵਾਂ ਤੇ ਆਪਣੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ਼ਤਿਹਾਰ ਵੀ ਲਾਏ। ਅਧਿਆਪਕਾਂ ਨੇ ਇਸ ਪੋਲ ਖੋਲ ਰੈਲੀ ਕਰਨ ਦਾ ਕਾਰਨ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਗਾਤਾਰ ਲਾਰੇ ਲਾ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਧਰਨੇ ਵਿੱਚ ਆ ਕੇ ਕਹਿੰਦੇ ਸਨ ਕਿ ਸਾਡੀ ਸਰਕਾਰ ਬਣਨ ਤੇ ਤੁਹਾਡਾ 180 ਦਾ ਮਸਲਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਪਰ ਅੱਜ ਸਰਕਾਰ ਬਣੀ ਨੂੰ ਸਾਢੇ ਤਿੰਨ ਸਾਲ ਹੋਣ ਦੇ ਬਾਵਜੂਦ ਵੀ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ ਤੇ ਲਾਰੇਬਾਜ਼ੀ ਕਰਕੇ ਮਸਲੇ ਨੂੰ ਲਮਕਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪ੍ਰਸ਼ਾਸਨ ਮੀਟਿੰਗ ਦੇ ਕੇ ਅਧਿਆਪਕਾਂ ਦਾ ਸਮਾਂ ਟਪਾ ਰਿਹਾ ਹੈ ਜਦੋਂ ਕਿ ਮਤਲਬ ਹੱਲ ਕਰਨਾ ਚਾਹੀਦਾ ਹੈ । ਯੂਨੀਅਨ ਦੇ
ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ ਨੇ ਦੱਸਿਆ ਕਿ ਕਿਸ ਤਰ੍ਹਾਂ 180 ਈ ਟੀ ਟੀ ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਬਿਨਾਂ ਕਿਸੇ ਕਾਰਨ ਖਤਮ ਕੀਤਾ ਗਿਆ । ਉਹਨਾਂ ਦੱਸਿਆ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੁਆਰਾ ਅਪਣੀ ਰਿਪੋਰਟ ਲਿਖਤੀ ਰੂਪ ਵਿੱਚ ਤਿਆਰ ਕਰਕੇ ਸਾਰੀ ਗਲਤੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੱਢਣ ਉਪਰੰਤ ਵੀ ਵਿੱਤ ਮੰਤਰੀ ਵੱਲੋਂ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ ਹੈ ।
ਭਰਾਤਰੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਕਿਸ ਤਰ੍ਹਾਂ ਸਰਕਾਰ ਵੱਖ - ਵੱਖ ਵਰਗਾਂ ਦੇ ਲੋਕਾਂ ਵਿੱਚ ਮਾਤਾਵਾਂ- ਭੈਣਾਂ ਨੂੰ 1000-1000 ਰੁਪਿਆ ਦੇਣਾ, ਬੇਰੁਜਗਾਰਾਂ ਨੂੰ ਨੌਕਰੀਆਂ ਦੇਣਾ, ਕਿਸਾਨਾਂ ਨੂੰ 5 ਮਿੰਟ ਵਿੱਚ MSP ਦੇਣਾ, ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣਾ ਅਤੇ ਹਸਪਤਾਲਾਂ ਵਿੱਚ ਲੋਕਾਂ ਨੂੰ ਫ੍ਰੀ ਇਲਾਜ਼ ਦੀ ਸਹੂਲਤ ਦੇਣਾ ਵਰਗੇ ਵਾਅਦਿਆਂ ਤੋਂ ਭੱਜ ਚੁੱਕੀ ਹੈ।ਇਸ ਪੋਲ ਖੋਲ ਰੈਲੀ ਵਿੱਚ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਹਾਜਰ ਹੋਏ ਅਤੇ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਉਹਨਾਂ ਵੱਲੋਂ ਯੂਨੀਅਨ ਦਾ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ 180 ਦੀ ਲੜਾਈ ਵਿੱਚ ਅੱਗੇ ਵੀ ਸਾਥ ਦੇਣ ਦਾ ਐਲਾਨ ਕੀਤਾ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਜੇਕਰ ਸਾਡਾ ਮਸਲਾ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਹਲਕੇ ਤਰਨਤਾਰਨ ਵਿੱਚ ਵੱਡੀ ਪੱਧਰ ਤੇ ਗੁਪਤ ਐਕਸ਼ਨ ਕੀਤੇ ਜਾਣਗੇ ਅਤੇ ਪਿੰਡਾਂ ਵਿੱਚ ਜਾ ਕੇ ਸਰਕਾਰ ਦੇ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾਵੇਗਾ। ਲੋਕਾਂ ਨੂੰ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਜਾਗਰੂਕ ਕੀਤਾ ਜਾਵੇਗਾ।
ਇਸ ਰੈਲੀ ਵਿੱਚ ਸੂਬਾ ਪ੍ਰਧਾਨ ਕਮਲ ਠਾਕੁਰ,ਜਨਰਲ ਸਕੱਤਰ ਸੋਹਨ ਸਿੰਘ ਬਰਨਾਲਾ ਵਿੱਤ ਸਕੱਤਰ ਗੁਰਮੁਖ ਸਿੰਘ ਪਟਿਆਲਾ, ਜਿਲਾ ਪ੍ਰਧਾਨ ਗੁਰਸਾਹਿਬ ਸਿੰਘ, ਜ਼ਿਲਾ ਆਗੂ ਸੁਰਿੰਦਰ ਸਿੰਘ ਅਤੇ ਹੋਰ ਅਧਿਆਪਕ ਆਗੂਆਂ ਤੋਂ ਇਲਾਵਾ ਗੌਰਮਿਟ ਟੀਚਰ ਯੂਨੀਅਨ ਦੇ ਜਿਲ੍ਹਾਂ ਪ੍ਰਧਾਨ ਸਰਬਜੀਤ ਸਿੰਘ., ਕੁਲਜੀਤ ਸਿੰਘ, ਸੁਰਜੀਤ ਸਿੰਘ, ਕਿਰਪਾਲ ਸਿੰਘ ਬਲਾਕ ਸਮਾਣਾ ਤੋਂ ਆਗੂ ਗੁਰਪ੍ਰੀਤ ਸਿੰਘ ਸਿੱਧੂ ਹਾਜ਼ਰ ਸਨ । ਇਸ ਮੌਕੇ 6505 ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ, ਰਾਕੇਸ਼ ਗੁਰਦਾਸਪੁਰ, ਵਿਕਰਮਜੀਤ ਸਿੰਘ, ਅਵਤਾਰ ਸਿੰਘ ਡਲੇਕੇ, ਸੀ ਐਚ ਟੀ,ਸੁਖਜੀਤ ਸਿੱਘ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਤੋਂ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ , ਸਕੱਤਰ ਫਤਹਿਚੰਦ ਪਿੰਦੀ,ਜੋਨ ਪ੍ਰਧਾਨ ਨਿਸ਼ਾਨ ਮਾਨੋਚਾਹਲਨ ਪ੍ਰਧਾਨ ਹਰਵਿੰਦਰਜੀਤ ਸਿੰਘ ਕੰਗ,ਇਕਾਈ ਪ੍ਰਧਾਨ ਪੰਡੋਰੀ ਗੋਲ਼ਾ ਤੋਂ ਗੁਰਜੀਤ ਸਿੰਘ, ਕਿਸਾਨ ਆਗੂ ਬਲਦੇਵ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕਾਂ ਸਮੇਤ ਕਿਸਾਨ ਹਾਜ਼ਰ ਸਨ ।