ਤਰੁਨਪ੍ਰੀਤ ਸਿੰਘ ਸੌਂਦ ਜਨਮ ਅਸ਼ਟਮੀ ਮੌਕੇ ਖੰਨਾ ਦੇ ਵੱਖ-ਵੱਖ ਮੰਦਰਾਂ 'ਚ ਹੋਏ ਨਤਮਸਤਕ
ਸੁਖਮਿੰਦਰ ਭੰਗੂ
ਖੰਨਾ, ਲੁਧਿਆਣਾ 17 ਅਗਸਤ 2025
ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਬੀਤੀ ਰਾਤ ਖੰਨਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਨਤਮਸਤਕ ਹੋਏ ਅਤੇ ਉੱਥੇ ਹੋਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵੱਲੋ ਜਨਮ ਅਸ਼ਟਮੀ ਦੇ ਮੌਕੇ 'ਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਕ੍ਰਿਸ਼ਨ ਜੀ ਦੀ ਅਪਾਰ ਕ੍ਰਿਪਾ ਸਦਕਾ ਉਨਾਂ ਨੂੰ ਹਲਕਾ ਖੰਨਾ ਅਤੇ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਖੰਨਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਨ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਰੇ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਤੇ ਸਾਨੂੰ ਇਹ ਸੁਨੇਹਾ ਆਪਣੇ ਮਨ ਵਿੱਚ ਵਸਾ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ਤੇ ਨਾਲ ਹੀ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਨ ਕਿ ਉਹਨਾਂ ਨੂੰ ਅੱਜ ਵੱਖ-ਵੱਖ ਮੰਦਰਾਂ ਵਿੱਚ ਜਾ ਕੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ।
ਮੰਤਰੀ ਸੌਂਦ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਸੰਸਾਰ ਭਰ ਦੇ ਲੱਖਾਂ ਧਾਰਮਿਕ ਸਥਾਨਾਂ 'ਤੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਦਾ ਹੈ। ਸਾਰੇ ਧਾਰਮਿਕ ਸਥਾਨ ਸ੍ਰੀ ਕ੍ਰਿਸ਼ਨਮਈ ਰੰਗ ਵਿਚ ਰੰਗੇ ਜਾ ਰਹੇ ਹਨ। ਸੱਚਾਈ, ਨੇਕੀ ਅਤੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦੇਣ ਵਾਲੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਨ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸਮੂਲੀਅਤ ਨਾਲ ਸਾਡੀ ਸੰਸਕ੍ਰਿਤੀ ਅਤੇ ਅਮੀਰ ਵਿਰਸੇ ਪ੍ਰਤੀ ਲੋਕਾਂ ਦੀ ਆਸਥਾ ਪ੍ਰਤੱਖ ਰੂਪ ਵਿਚ ਵਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਉੱਥੇ ਭਜਨ ਮੰਡਲੀਆਂ ਵੱਲੋਂ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ।
ਖੰਨਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਦੀਆਂ ਕਮੇਟੀਆਂ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਕੌਂਸਲਰ ਜਤਿੰਦਰ ਪਾਠਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।