ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਮਤਿ ਕੈਂਪਾਂ ਦੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ 10 ਨੂੰ
ਨਵੀਂ ਦਿੱਲੀ 6 ਅਕਤੂਬਰ,2026 (ਮਨਮੋਹਨ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਸਰਦਾਰ ਜਸਪ੍ਰੀਤ ਸਿੰਘ ਕਮਰਸਰ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਸਾਲ 2026 ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਸਾਹਿਬਾਨ ਵਿੱਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ ਸੇਵਾ ਨਿਭਾਉਣ ਵਾਲੇ ਸਭ ਗੁਰਮੁਖਾਂ, ਗੁਰਦੁਆਰਾ ਕਮੇਟੀਆਂ, ਵਲੰਟੀਅਰ ਸਾਹਿਬਾਨ ਅਤੇ ਸਮੂਹ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਇਨ੍ਹਾਂ ਕੈਂਪਾਂ ਵਿੱਚ ਸੇਵਾ ਕਰਨ ਵਾਲੇ ਵੀਰਾਂ-ਭੈਣਾਂ ਨੇ ਸਮਰਪਣ ਅਤੇ ਨਿਸ਼ਠਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਦਾਰਾਂ ਦੀ ਹੌਸਲਾ-ਅਫਜ਼ਾਈ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ 10 ਅਕਤੂਬਰ, ਸ਼ਨੀਵਾਰ ਨੂੰ ਸ਼ਾਮ 3:30 ਵਜੇ ਗੁਰਦੁਆਰਾ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਰਦਾਰ ਜਸਪ੍ਰੀਤ ਸਿੰਘ ਕਮਰਸਰ ਨੇ ਸਮੂਹ ਸੇਵਾਦਾਰਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਦੀ ਸਿੱਖਿਆ ਦੇਣ ਦੀ ਇਹ ਸੇਵਾ ਇੱਕ ਲਗਾਤਾਰ ਚੱਲਣ ਵਾਲੀ ਲਹਿਰ ਹੈ ਅਤੇ ਸੇਵਾਦਾਰਾਂ ਦੀ ਹੌਸਲਾ-ਅਫਜ਼ਾਈ ਨਾਲ ਇਸ ਕਾਰਜ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਦੇਸ਼ ਹੈ ਕਿ ਨਵੀਂ ਪੀੜ੍ਹੀ ਨੂੰ ਆਪਣੀ ਗੁਰਮਤਿ ਵਿਰਾਸਤ, ਗੁਰਬਾਣੀ ਅਤੇ ਸਿੱਖੀ ਜੀਵਨ-ਜਾਚ ਨਾਲ ਜੋੜਨ ਦਾ ਇਹ ਕਾਰਜ ਲਗਾਤਾਰ ਜਾਰੀ ਰਹੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਨੂੰ ਹੋਣ ਵਾਲੇ ਇਸ ਸਨਮਾਨ ਸਮਾਗਮ ਵਿੱਚ ਆਪਣੀ ਹਾਜ਼ਰੀ ਭਰ ਕੇ ਸੇਵਾਦਾਰਾਂ ਦੀ ਹੌਸਲਾ-ਅਫਜ਼ਾਈ ਕਰਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਇਸ ਉਪਰਾਲੇ ਨੂੰ ਸਹਿਯੋਗ ਦੇਣ।
- Download Babushahi App
-
-