ਦੇਸ਼ ਦੇ 10 ਰਾਜਾਂ 'ਚ ਭਾਰੀ ਮੀਂਹ ਅਤੇ ਤੂਫਾਨ ਦੀ ਭਵਿੱਖਬਾਣੀ
ਨਵੀਂ ਦੇਖੀ, 24 ਮਈ 2025 - ਮੌਸਮ ਵਿਭਾਗ ਦੇਸ਼ ਦੇ 10 ਰਾਜਾਂ 'ਚ ਭਾਰੀ ਮੀਂਹ ਅਤੇ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ। ਕੇਰਲ ਵਿੱਚ ਮਾਨਸੂਨ ਦੇ ਆਉਣ ਨਾਲ IMD ਨੇ ਕਈ ਜ਼ਿਲ੍ਹਿਆਂ ਵਿੱਚ ਰੈਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ-ਐਨਸੀਆਰ ਸਮੇਤ ਕਈ ਸ਼ਹਿਰਾਂ ਵਿੱਚ ਤੂਫਾਨ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਥੇ ਹੀ ਮੌਸਮ ਵਿਭਾਗ ਦੇ ਅਨੁਸਾਰ, ਜੰਮੂ ਦੇ ਰਿਆਸੀ, ਜੰਮੂ, ਜੰਮੂ-ਕਸ਼ਮੀਰ ਦੇ ਸਾਂਬਾ ਅਤੇ ਕਠੂਆ, ਮੱਧ ਪ੍ਰਦੇਸ਼ ਦੇ ਉਜੈਨ ਅਤੇ ਅਗਰ ਮਾਲਵਾ ਅਤੇ ਮਹਾਰਾਸ਼ਟਰ ਦੇ ਰਤਨਾਗਿਰੀ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੇ ਨਾਲ-ਨਾਲ 60 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਵਿਭਾਗ ਨੇ ਇੱਥੇ ਗੰਭੀਰ ਤੂਫਾਨ ਗਤੀਵਿਧੀਆਂ ਦੀ ਚੇਤਾਵਨੀ ਦਿੱਤੀ ਹੈ।
ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਤੇਜ਼ ਹਵਾਵਾਂ ਅਤੇ ਤੂਫਾਨ ਕਾਰਨ ਦਰੱਖਤ ਟੁੱਟ ਸਕਦੇ ਹਨ। ਸੜਕ ਕਿਨਾਰੇ ਦਰੱਖਤ ਡਿੱਗ ਸਕਦੇ ਹਨ ਅਤੇ ਕੇਲੇ ਅਤੇ ਪਪੀਤੇ ਦੇ ਬਾਗਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਤੇਜ਼ ਹਵਾਵਾਂ ਅਤੇ ਮੀਂਹ ਨਾਲ ਖੜ੍ਹੀਆਂ ਫ਼ਸਲਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਵਿਭਾਗ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਇਸ ਵੇਲੇ ਕੋਈ ਵੀ ਖੇਤੀਬਾੜੀ ਦਾ ਕੰਮ ਨਹੀਂ ਕਰਨਾ ਚਾਹੀਦਾ ਅਤੇ ਮੌਸਮ ਦੇ ਆਮ ਹੋਣ ਦੀ ਉਡੀਕ ਕਰਨੀ ਚਾਹੀਦੀ ਹੈ।
ਰੈੱਡ ਅਲਰਟ ਤੋਂ ਇਲਾਵਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ, ਓਡੀਸ਼ਾ, ਛੱਤੀਸਗੜ੍ਹ, ਮੱਧ ਮਹਾਰਾਸ਼ਟਰ, ਕੋਂਕਣ-ਗੋਆ ਅਤੇ ਦੱਖਣੀ ਕਰਨਾਟਕ ਦੇ ਕਈ ਜ਼ਿਲ੍ਹਿਆਂ ਵਿੱਚ ਇੱਕ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵੀ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਬਿਜਲੀ ਡਿੱਗਣ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।