ਧਰਨਾ ਲਾਉਣਾ ਲੋਕਤੰਤਰਿਕ ਹੱਕ, ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ: ਅਮਨ ਅਰੋੜਾ
Ravi Jakhu/ ਬਾਬੂਸ਼ਾਹੀ ਬਿਊਰੋ
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ, 2026: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਆਪਸੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ। ਮੁਲਾਜ਼ਮਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਤਿਕਾਰ ਕਰਦਿਆਂ ਮੰਤਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਲੋਕਤੰਤਰ ਵਿੱਚ ਆਪਣੀਆਂ ਮੰਗਾਂ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ।
ਆਪਣਾ ਪੱਖ ਰੱਖਦਿਆਂ ਅਮਨ ਅਰੋੜਾ ਨੇ ਕਿਹਾ, "ਧਰਨਾ ਲਗਾਉਣਾ ਹਰ ਕਿਸੇ ਦਾ ਲੋਕਤੰਤਰਿਕ ਹੱਕ ਹੈ ਅਤੇ ਮੈਂ ਇਸ ਹੱਕ ਦਾ ਪੂਰਾ ਸਤਿਕਾਰ ਕਰਦਾ ਹਾਂ। ਅੱਜ ਮੇਰੇ ਘਰ ਦੇ ਬਾਹਰ ਮੁਲਾਜ਼ਮ ਵੀਰਾਂ ਵੱਲੋਂ ਜੋ ਧਰਨਾ ਲਗਾਇਆ ਜਾ ਰਿਹਾ ਹੈ, ਮੈਂ ਉਸਨੂੰ ਵੀ ਇਸੇ ਭਾਵਨਾ ਨਾਲ ਦੇਖਦਾ ਹਾਂ।"
ਉਨ੍ਹਾਂ ਅੱਗੇ ਕਿਹਾ ਕਿ ਮੁਲਾਜ਼ਮ ਹਮੇਸ਼ਾ ਤੋਂ ਸਰਕਾਰ ਅਤੇ ਪਰਿਵਾਰ ਦਾ ਹਿੱਸਾ ਰਹੇ ਹਨ ਅਤੇ ਅੱਗੇ ਵੀ ਰਹਿਣਗੇ। ਉਨ੍ਹਾਂ ਦੀ ਰਿਹਾਇਸ਼ ਦੇ ਦਰਵਾਜ਼ੇ ਸਭ ਲਈ ਹਮੇਸ਼ਾ ਖੁੱਲ੍ਹੇ ਹਨ। ਮੰਤਰੀ ਨੇ ਵਿਸ਼ਵਾਸ ਦਵਾਇਆ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸੁਣਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਇਮਾਨਦਾਰੀ ਨਾਲ ਉਨ੍ਹਾਂ ਦਾ ਹੱਲ ਕੱਢਣਾ ਉਨ੍ਹਾਂ ਦਾ ਫਰਜ਼ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਤੰਤਰਿਕ ਹੱਕਾਂ ਦੇ ਨਾਲ-ਨਾਲ ਗੱਲਬਾਤ ਦਾ ਰਸਤਾ ਵੀ ਹਮੇਸ਼ਾ ਖੁੱਲ੍ਹਾ ਰਹਿਣਾ ਚਾਹੀਦਾ ਹੈ। ਉਨ੍ਹਾਂ ਧਰਨਾਕਾਰੀ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਉਹ ਬੈਠ ਕੇ ਗੱਲਬਾਤ ਕਰਨ, ਇੱਕ-ਦੂਜੇ ਦੇ ਪੱਖ ਨੂੰ ਸਮਝਣ ਅਤੇ ਆਪਸੀ ਸਹਿਮਤੀ ਰਾਹੀਂ ਮਸਲੇ ਦੇ ਸਥਾਈ ਹੱਲ ਵੱਲ ਅੱਗੇ ਵਧਣ।
- Download Babushahi App
-
-