ਧੈਂਗੜਪੁਰ ‘ਚ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ, ਸਥਿਤੀ ਕਾਬੂ ਹੇਠ : ਡਿਪਟੀ ਕਮਿਸ਼ਨਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 03 ਸਤੰਬਰ,2025 ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਧੈਂਗੜਪੁਰ ਵਿਖੇ ਸਤਲੁਜ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈੰਦਿਆਂ ਕਿਹਾ ਕਿ ਮੌਜੂਦਾ ਸਮੇਂ ਪਾਣੀ ਦਾ ਪੱਧਰ 65,000 ਕਿਊਸਿਕ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।
ਉਨ੍ਹਾਂ ਦੱਸਿਆ ਕਿ ਦੇਰ ਰਾਤ ਧੈਂਗੜਪੁਰ ਵਿਖੇ ਬੰਨ੍ਹ ਨੂੰ ਥੋੜੀ ਢਾਅ ਲੱਗੀ ਸੀ ਜਿਸਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮੇਂ ਸਿਰ ਰੋਕ ਲਿਆ ਗਿਆ ਅਤੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਸਮੇਤ ਪਿੰਡਾਂ ਦੇ ਵਸਨੀਕਾਂ ਵਲੋੰ ਲਗਾਤਾਰ ਕੰਮ ਕਰਦਿਆਂ ਬੰਨ੍ਹ ਨੂੰ ਠੀਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨਾਲ ਵੀ ਰਾਬਤਾ ਕੀਤਾ ਜਾ ਚੁੱਕਾ ਹੈ ਅਤੇ ਜੇਕਰ ਭਵਿੱਖ ਵਿਚ ਲੋੜ ਪੈਂਦੀ ਹੈ ਤਾਂ ਫੌਜ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ ਤਾਂ ਜੋ ਕਿਸੇ ਵੀ ਕਿਸਮ ਦਾ ਖਤਰਾ ਟਾਲਿਆ ਜਾ ਸਕੇ।
ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ‘ਤੇ ਬੰਨ੍ਹ ਦੀ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਫਿਲਹਾਲ ਲੋਕਾਂ ਨੂੰ ਕਿਸੇ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ।