ਨਕੋਦਰ ਦਾਣਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਲਏ ਪ੍ਰਬੰਧਾਂ ਦਾ ਜਾਇਜ਼ਾ, ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
ਨਕੋਦਰ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ): ਨਕੋਦਰ ਦੀ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਖਰੀਦੀ ਗਈ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਸਮੇਤ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਅਧਿਕਾਰੀਆਂ ਨੂੰ ਖਰੀਦ ਸੀਜ਼ਨ ਦੌਰਾਨ ਮੰਡੀ ਪ੍ਰਬੰਧਾਂ ’ਤੇ ਲਗਾਤਾਰ ਨਿਗਰਾਨੀ ਰੱਖਣ ਲਈ ਵੀ ਕਿਹਾ ਗਿਆ।
ਇਸ ਮੌਕੇ ਵਿਧਾਇਕਾ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਸ ਦੀ ਫ਼ਸਲ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਤੇ ਅਦਾਇਗੀ ਤੱਕ ਦੀ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਦਿਆਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
- Download Babushahi App
-
-