ਨਕੋਦਰ-ਜਲੰਧਰ ਬਾਈਪਾਸ ਚੌਕ ਦਾ ਨਾਮ ਰੱਖਿਆ ‘ਸ੍ਰੀ ਗੁਰੂ ਨਾਨਕ ਦੇਵ ਜੀ ਚੌਕ’, ਵਿਧਾਇਕਾ ਨੇ ਰੱਖਿਆ ਨੀਂਹ ਪੱਥਰ
40 ਦਿਨਾਂ ਅੰਦਰ ਮੁਕੰਮਲ ਹੋਵੇਗਾ ਉਸਾਰੀ ਦਾ ਕੰਮ, ਸ਼ਹਿਰ ਦੇ ਬਾਕੀ ਅਧੂਰੇ ਪ੍ਰੋਜੈਕਟ ਵੀ ਜਲਦ ਪੂਰੇ ਕਰਨ ਦਾ ਦਿੱਤਾ ਭਰੋਸਾ
ਨਕੋਦਰ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)
ਨਕੋਦਰ ਸ਼ਹਿਰ ਦੇ ਲੋਕਾਂ ਅਤੇ ਇਲਾਕੇ ਦੀਆਂ ਸੰਗਤਾਂ ਲਈ ਮਾਣ ਵਾਲੀ ਗੱਲ ਹੈ ਕਿ ਨਕੋਦਰ-ਜਲੰਧਰ ਬਾਈਪਾਸ ਸਥਿਤ ਚੌਕ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਚੌਕ’ ਰੱਖਿਆ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵੱਲੋਂ ਚੌਕ ਦੇ ਨਵੀਨੀਕਰਨ ਅਤੇ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਸਾਰੀ ਦਾ ਕੰਮ 40 ਦਿਨਾਂ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ।
ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਚੌਕ ਦਾ ਨਾਮਕਰਨ ਕਰਨਾ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਸਾਨੂੰ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਕੋਦਰ ਸ਼ਹਿਰ ਦੇ ਜਿਹੜੇ ਵੀ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਜਲਦ ਮੁਕੰਮਲ ਕਰਵਾਇਆ ਜਾਵੇਗਾ।
ਸ਼ਹਿਰ ਵਾਸੀਆਂ ਅਤੇ ਸੰਗਤਾਂ ਵੱਲੋਂ ਚੌਕ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸ਼ੇਰਪੁਰੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
- Download Babushahi App
-
-