ਨਵੇਂ ਰਾਸ਼ਨ ਕਾਰਡ ਤੇ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਕੀਤਾ ਜਾ ਸਕਦਾ ਹੈ ਅਪਲਾਈ: ਡਿਪਟੀ ਕਮਿਸ਼ਨਰ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 22 ਜੁਲਾਈ:
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਅਧੀਨ ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਦੇ ਨਾਮ ਦਰਜ ਕਰਵਾਉਣ ਲਈ 22 ਜੁਲਾਈ ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ। ਇਸ ਉਪਰਾਲੇ ਦਾ ਉਦੇਸ਼ ਯੋਗ ਪਰਿਵਾਰਾਂ ਅਤੇ ਲਾਭਪਾਤਰੀਆਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਕਿਰਿਆ ਰਾਹੀਂ ਯੋਜਨਾ ਦਾ ਲਾਭ ਮੁਹੱਈਆ ਕਰਵਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਵਾਉਣ ਜਾਂ ਮੌਜੂਦਾ ਰਾਸ਼ਨ ਕਾਰਡ ਵਿੱਚ ਨਵੇਂ ਮੈਂਬਰ ਦਾ ਨਾਮ ਸ਼ਾਮਲ ਕਰਵਾਉਣ ਲਈ ਲੋੜੀਂਦੇ ਫਾਰਮ, ਹਦਾਇਤਾਂ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਸੂਚੀ ਨਜ਼ਦੀਕੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਹ ਫਾਰਮ ਅਤੇ ਹਦਾਇਤਾਂ ਵਿਭਾਗ ਦੀ ਵੈੱਬਸਾਈਟ http://foodsuppb.gov.in/ ਤੋਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਬਿਨੈਕਾਰ ਖੁਦ ਵੀ https://ercms.punjab.gov.in/ ਪੋਰਟਲ 'ਤੇ ਬਿਨਾਂ ਕਿਸੇ ਸਰਕਾਰੀ ਫੀਸ ਦੇ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਅਰਜ਼ੀਆਂ ਚਾਰ ਤਰੀਕਿਆਂ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਬਿਨੈਕਾਰ ਖੁਦ ਆਨਲਾਈਨ ਪੋਰਟਲ ਰਾਹੀਂ ਬਿਨਾਂ ਕਿਸੇ ਸਰਕਾਰੀ ਫੀਸ ਦੇ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਨਜ਼ਦੀਕੀ ਸੇਵਾ ਕੇਂਦਰ ਜਾਂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ, ਰੂਪਨਗਰ ਦੇ ਦਫ਼ਤਰ ਵਿਖੇ 100 ਰੁਪਏ ਸਰਕਾਰੀ ਫੀਸ ਨਾਲ ਅਤੇ ਡੋਰ-ਸਟੈਪ ਡਿਲੀਵਰੀ ਸੇਵਾ ਰਾਹੀਂ 150 ਰੁਪਏ ਸਰਕਾਰੀ ਫੀਸ ਦੇ ਕੇ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਰਜ਼ੀ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਦੇ ਮੋਬਾਈਲ ਨੰਬਰ 'ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਰਜ਼ੀਆਂ 11 ਅਗਸਤ 2026 ਤੱਕ ਹੀ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਿਸੇ ਵੀ ਮਨਜ਼ੂਰਸ਼ੁਦਾ ਮਾਧਿਅਮ ਰਾਹੀਂ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸਹਾਇਤਾ ਜਾਂ ਸਪੱਸ਼ਟੀਕਰਨ ਲਈ 01881-221150 ਅਤੇ 01881-291010 ਫੋਨ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-