← ਪਿਛੇ ਪਰਤੋ
ਨਸ਼ੀਲਾ ਪਾਊਡਰ ਅਤੇ ਮਹਿੰਦਰਾ ਸਕਾਰਪਿਓ ਸਮੇਤ ਤਿੰਨ ਗ੍ਰਿਫ਼ਤਾਰ ਰੂਪਨਗਰ, 8 ਸਤੰਬਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 38 ਗ੍ਰਾਮ ਨਸ਼ੀਲਾ ਪਾਊਡਰ ਅਤੇ ਇੱਕ ਮਹਿੰਦਰਾ ਸਕਾਰਪਿਓ ਕਾਰ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ, ਐਨ.ਡੀ.ਪੀ.ਐਸ. ਐਕਟ ਹੇਠ ਦਰਜ ਹੋਏ ਹੋਰ ਮਾਮਲਿਆਂ ਵਿੱਚ ਨਾਮਜ਼ਦ ਦੋ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਪੁਲਿਸ ਨੇ ਸਫਲਤਾ ਹਾਸਲ ਕੀਤੀ। ਇਸ ਦੌਰਾਨ ਥਾਣਾ ਸਿਟੀ ਰੂਪਨਗਰ ਦੀ ਪੁਲਿਸ ਵਲੋਂ ਰਵਿੰਦਰ ਸਿੰਘ ਉਰਫ਼ ਗੱਗੀ ਪਿੰਡ ਰੈਨਲਾ ਕਲਾਂ, ਲਖਵੀਰ ਸਿੰਘ ਉਰਫ਼ ਪੰਮੂ ਪਿੰਡ ਲਾਫਲ ਅਤੇ ਗੁਰਮੀਤ ਸਿੰਘ ਉਰਫ਼ ਲੱਲੂ ਪਿੰਡ ਬੈਰਾਂਪੁਰ ਲਾਫਲ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੀਲਾ ਪਾਊਡਰ ਅਤੇ ਕਾਰ ਬਰਾਮਦ ਕੀਤੀ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਤੀ 27 ਅਗਸਤ ਨੂੰ ਥਾਣਾ ਸਿਟੀ ਮੋਰਿੰਡਾ ਵੱਲੋਂ ਦਰਜ ਕੇਸ ਨੰਬਰ 124/2025 ਵਿੱਚ ਨਾਮਜ਼ਦ ਗੁਰਮੀਤ ਸਿੰਘ ਉਰਫ਼ ਮਿੰਟੂ ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 11 ਮੋਰਿੰਡਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ 18 ਅਗਸਤ ਨੂੰ ਥਾਣਾ ਸਦਰ ਮੋਰਿੰਡਾ ਵੱਲੋਂ ਦਰਜ ਕੇਸ ਨੰਬਰ 64/2025 ਵਿੱਚ ਨਾਮਜ਼ਦ ਸ਼ਮਸ਼ੇਰ ਸਿੰਘ ਉਰਫ਼ ਕਾਲੂ ਪੁੱਤਰ ਅਵਤਾਰ ਸਿੰਘ ਵਾਸੀ ਚਾਮਲਾ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਮਿਲੀ। ਐਸ.ਐਸ.ਪੀ. ਰੂਪਨਗਰ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਜੇ ਕਿਸੇ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਸਮੱਗਲਿੰਗ ਬਾਰੇ ਜਾਣਕਾਰੀ ਹੋਵੇ ਤਾਂ ਇਹ ਸੂਚਨਾ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
Total Responses : 2005