ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ – ਗੋਪਾਲ ਸਿੰਘ ਕੋਟਫੱਤਾ
ਪਿੰਡ ਨਰੂਆਣਾ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 12 ਨਵੰਬਰ 2026: ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਨਰੂਆਣਾ ਵਿਖੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਬਣਾਏ ਗਏ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ ਹਲਕਾ ਇੰਚਾਰਜ ਸਰਦਾਰ ਗੋਪਾਲ ਸਿੰਘ ਕੋਟਫੱਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਨਵੇਂ ਖੇਡ ਗਰਾਊਂਡ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡਣ ਦੀ ਜਗ੍ਹਾ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਦੇ ਚੰਗੇ ਭਵਿੱਖ, ਸਰੀਰਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਨੀਂਹ ਹੁੰਦੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਉਦੇਸ਼ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਪਿੰਡਾਂ ਦੀ ਪ੍ਰਤਿਭਾ ਨੂੰ ਉਭਰਨ ਦਾ ਮੌਕਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਜੇਕਰ ਨੌਜਵਾਨ ਖੇਡਾਂ ਨਾਲ ਜੁੜਨਗੇ ਤਾਂ ਉਹ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਗੇ, ਸਗੋਂ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਵੀ ਆਪਣਾ ਅਹਿਮ ਯੋਗਦਾਨ ਪਾਉਣਗੇ।ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਗਰਾਊਂਡ ਦੀ ਸਾਂਭ-ਸੰਭਾਲ ਕਰਨ ਅਤੇ ਵੱਧ ਤੋਂ ਵੱਧ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਤਾਂ ਜੋ ਪਿੰਡ ਵਿੱਚ ਖੇਡਾਂ ਦਾ ਮਾਹੌਲ ਪੈਦਾ ਹੋ ਸਕੇ।
ਅੰਤ ਵਿੱਚ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਗੁਰਪ੍ਰਕਾਸ਼ ਸਿੰਘ ਮੱਟੂ, ਸਰਪੰਚ ਸੁਖਰਾਜ ਸਿੰਘ ਬੱਲੂਆਣਾ, ਜੇਈ ਪੰਚਾਇਤੀ ਰਾਜ ਬਲਰਾਜ ਸਿੰਘ , ਜਗਦੀਪ ਸਿੰਘ ਪੰਚਾਇਤ ਸਕੱਤਰ, ਸਮੂਹ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਹਾਜ਼ਰ ਸਨ
- Download Babushahi App
-
-