ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਆਪਕ ਯੋਜਨਾ ਤਿਆਰ : ਵਿਧਾਇਕ ਸ਼ੈਰੀ ਕਲਸੀ
13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 14 ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸੁਰੂ ਕੀਤਾ ਹੈ। ਸੂਬੇ ਵਿੱਚ ਲਗਭਗ 13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਪਹਿਲਾਂ ਹੀ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨੌਜਵਾਨ ਸਮਾਜਿਕ ਬੁਰਾਈਆਂ ਦੇ ਜਾਲ ਵਿੱਚ ਫਸ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ‘ਨਸ਼ਾ ਵਿਰੋਧੀ ਮੁਹਿੰਮ’ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਜਿਸ ਦੇ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ‘ਰੰਗਲਾ ਪੰਜਾਬ’, ਇੱਕ ਜੀਵੰਤ, ਪ੍ਰਗਤੀਸ਼ੀਲ ਪੰਜਾਬ ਸਿਰਜਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗੀ।