ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਮੁਹਿੰਮ ਜਾਰੀ
ਪਿੰਡ ਨੂਨ ਵਿਖੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 28 ਅਕਤੂਬਰ 2026- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪਿੰਡ ਪੱਧਰ ਤੱਕ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਗੁਰਦਾਸਪੁਰ ਡਾ. ਸ਼ਹਿਬਾਜ ਸਿੰਘ ਚੀਮਾ ਨੇ ਦੱਸਿਆ ਕਿ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਬਲਾਕ ਕਾਹਨੂੰਵਾਨ ਦੇ ਪਿੰਡ ਨੂਨ ਵਿਖੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਲੱਸਟਰ ਇੰਚਾਰਜ ਯਸ਼ਪਾਲ ਵੀ ਮੌਜੂਦ ਸਨ।
ਇਸ ਮੌਕੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਖੇਤਾਂ ਵਿੱਚ ਹੀ ਇਸ ਦਾ ਪ੍ਰਬੰਧਨ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਿੱਟੀ ਵਿੱਚ ਪੌਸ਼ਟਿਕ ਤੱਤਾਂ ਦੀ ਉਪਲਬਧਤਾ ਵਧਣ ਨਾਲ ਰਸਾਇਣਕ ਖਾਦਾਂ ਦੀ ਲੋੜ ਘਟਾਉਣ ਅਤੇ ਫ਼ਸਲਾਂ ਦਾ ਝਾੜ ਵਧਾਉਣ ਵਿੱਚ ਵੀ ਮਦਦ ਮਿਲਦੀ ਹੈ।
ਉਨ੍ਹਾਂ ਨੇ ਕਿਸਾਨਾਂ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਕਿਸਾਨਾਂ, ਪੰਚਾਇਤਾਂ ਤੇ ਸਬੰਧਤ ਵਿਭਾਗਾਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।
- Download Babushahi App
-
-