ਪਾਇਲ ਵਿੱਚ ਹੋਮਗਾਰਡ ਦੇ ਪੁੱਤ ਨੇ ਗੁਆਂਢੀਆਂ 'ਤੇ ਕੀਤੀ ਫਾਇਰਿੰਗ
ਇੱਕ ਵਿਅਕਤੀ ਗੰਭੀਰ ਜ਼ਖ਼ਮੀ
ਰਵਿੰਦਰ ਸਿੰਘ
ਪਾਇਲ: 08 ਮਾਰਚ, 2026
ਪਾਇਲ ਦੇ ਵਾਰਡ ਨੰਬਰ 7 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਪੁਲਿਸ ਮੁਲਾਜ਼ਮ ਦੇ ਪੁੱਤਰ ਨੇ ਆਪਣੇ ਗੁਆਂਢੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਨੌਜਵਾਨ ਦੇ ਪਿਤਾ ਪੰਜਾਬ ਹੋਮਗਾਰਡ ਵਿੱਚ ਤਾਇਨਾਤ ਹਨ ਅਤੇ ਇਸ ਸਮੇਂ ਸਾਹਨੇਵਾਲ ਥਾਣੇ ਵਿੱਚ ਸੇਵਾਵਾਂ ਨਿਭਾ ਰਹੇ ਹਨ। ਕਿਸੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗੁੱਸੇ ਵਿੱਚ ਆਏ ਨੌਜਵਾਨ ਨੇ ਆਪਣੇ ਅਸਲੇ ਨਾਲ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਸਹਿਮ ਫੈਲ ਗਿਆ।
ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪਾਇਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਸਵਾਲ ਚੁੱਕੇ ਹਨ ਕਿ ਆਖ਼ਰਕਾਰ ਅਜਿਹੇ ਵਿਅਕਤੀਆਂ ਨੂੰ ਅਸਲਾ ਕਿਸ ਆਧਾਰ 'ਤੇ ਜਾਰੀ ਕੀਤਾ ਜਾਂਦਾ ਹੈ ਅਤੇ ਜੇਕਰ ਅਸਲੇ ਦੀ ਦੁਰਵਰਤੋਂ ਹੋ ਰਹੀ ਹੈ, ਤਾਂ ਇਸ ਲਈ ਜਿੰਮੇਵਾਰ ਅਧਿਕਾਰੀਆਂ 'ਤੇ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਪਾਇਲ ਦੇ ਡੀਐਸਪੀ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਮੌਕੇ 'ਤੇ ਮੌਜੂਦ ਗਵਾਹਾਂ ਦੇ ਨਾਲ-ਨਾਲ ਪੀੜਤ ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸੇ ਦੇ ਆਧਾਰ 'ਤੇ ਦੋਸ਼ੀ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡੀਐਸਪੀ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Click to Follow Babushahi Facebook page →