ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ਵਿੱਚ ਪਾਸਪੋਰਟ ਦਫ਼ਤਰ ਬਣਾਉਣ ਲਈ ਚੇਅਰਮੈਨ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
ਲੋਕਾਂ ਦੀਆਂ ਸਹੂਲਤਾਂ ਲਈ ਲਗਾਤਾਰ ਨਵੇਂ ਉਪਰਾਲੇ ਕਰ ਰਹੇ ਹਨ ਚੇਅਰਮੈਨ ਰਾਜੀਵ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ,11 ਨਵੰਬਰ
ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਚੇਅਰਮੈਨ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਨਾਲ-ਨਾਲ ਸ਼ਹਿਰ ਦੀਆਂ ਜ਼ਰੂਰਤਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਵੀ ਗੰਭੀਰਤਾ ਨਾਲ ਉਠਾਇਆ ਜਾ ਰਿਹਾ ਹੈ।
ਇਸੇ ਲੜੀ ਤਹਿਤ ਹੁਣ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਗੁਰਦਾਸਪੁਰ ਵਿੱਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਲਿਆਉਣ ਲਈ ਇੱਕ ਹੋਰ ਅਹਿਮ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਮੁਲਾਕਾਤ ਕਰਕੇ ਪੁਰਾਣੇ ਇੰਪਰੂਵਮੈਂਟ ਟਰੱਸਟ ਦਫ਼ਤਰ ਦੀ ਇਮਾਰਤ ਵਿੱਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਸਥਾਪਤ ਕਰਨ ਲਈ ਮੰਗ ਪੱਤਰ ਸੌਂਪਿਆ।
ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦਾ ਨਵਾਂ ਦਫ਼ਤਰ ਬਣ ਕੇ ਤਿਆਰ ਹੋ ਗਿਆ ਹੈ ਅਤੇ ਜਲਦ ਹੀ ਇਸ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ ਪੁਰਾਣੇ ਦਫ਼ਤਰ ਦੀ ਇਮਾਰਤ ਨੂੰ ਵੀ ਲੋਕ ਹਿੱਤ ਵਿੱਚ ਵਰਤੋਂ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਮਕਸਦ ਨਾਲ ਉੱਥੇ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਸਥਾਪਤ ਕਰਨ ਦੀ ਮੰਗ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਪੰਜਾਬ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਾਵੇਗਾ। ਜੇਕਰ ਗੁਰਦਾਸਪੁਰ ਵਿੱਚ ਪਾਸਪੋਰਟ ਦਫ਼ਤਰ ਦੀ ਬ੍ਰਾਂਚ ਸਥਾਪਤ ਹੁੰਦੀ ਹੈ ਤਾਂ ਇਸ ਨਾਲ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਅਜਿਹੀਆਂ ਸਹੂਲਤਾਂ ਗੁਰਦਾਸਪੁਰ ਵਿੱਚ ਲਿਆਉਣਾ ਵੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦਾ ਵਿਕਾਸ ਅਤੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
- Download Babushahi App
-
-