ਪੈਨਸ਼ਨਰਾਂ ਦਾ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਨਾਲ ਸ਼ਮੂਲੀਅਤ ਦਾ ਐਲਾਨ
ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 01 ਨਵੰਬਰ ,2026
ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਅੱਜ ਡਵੀਜ਼ਨ ਦਫ਼ਤਰ ਦੇ ਅਹਾਤੇ ਵਿਖੇ ਮੰਡਲ ਪ੍ਰਧਾਨ ਨਰਿੰਦਰ ਕੁਮਾਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੇ ਲੰਬਿਤ ਕੰਮਾਂ ਤੇ ਸਮੱਸਿਆਵਾਂ ਦੇ ਹੱਲ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਉਲੀਕੇ ਸੰਘਰਸ਼ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ 13 ਤੋਂ 19 ਨਵੰਬਰ ਤੱਕ ਚੰਡੀਗੜ੍ਹ ਦੇ ਸੈਕਟਰ-34 ਵਿਖੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਇਸ ਮੋਰਚੇ ਦੇ ਪਹਿਲੇ ਦਿਨ 13 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਨਿਰਧਾਰਤ ਵਾਰੀ ਅਨੁਸਾਰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਸ਼ਾਮਲ ਪੈਨਸ਼ਨਰਾਂ ਨੇ ਸੂਬਾਈ ਲੀਡਰਸ਼ਿਪ ਵੱਲੋਂ ਨਿਰਧਾਰਤ ਕੋਟੇ ਤੋਂ ਵੀ ਵੱਧ ਗਿਣਤੀ ਵਿੱਚ ਚੰਡੀਗੜ੍ਹ ਮੋਰਚੇ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਵਿੱਚ ਕੋਈ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ, ਸਰਕਲ ਆਗੂ ਵਿਜੇ ਕੁਮਾਰ ਬਾਲੀ, ਨਰੰਜਨ ਸਿੰਘ ਕੰਗਾਂ, ਜਗਦੀਸ਼ ਚੰਦਰ ਬਲਾਚੌਰ, ਡਵੀਜ਼ਨਲ ਆਗੂ ਸ਼ੰਭੂ ਨਰਾਇਣ ਸਿੰਘ ਰਾਹੋਂ, ਪ੍ਰੇਮ ਚਣਕੋਆ, ਪ੍ਰੇਮ ਸਾਹਬਪੁਰ, ਸਤਪਾਲ ਭਾਟੀਆ ਰਾਹੋਂ, ਸ਼ਿਵਰਾਜ, ਇੰਦਰਜੀਤ ਸਿੰਘ ਸਕੋਹਪੁਰ ਅਤੇ ਬਲਦੇਵ ਤਾਜੋਵਾਲ ਸਮੇਤ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਉਲੀਕੇ ਗਏ ਸਾਰੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਵਾਅਦਿਆਂ ਤੋਂ ਮੁੱਕਰਨ ਵਾਲੀ ਪੰਜਾਬ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਆਪਣੇ ਹੱਕਾਂ ਦੀ ਰਾਖੀ ਕਰਦਿਆਂ ਲੰਬਿਤ ਮੰਗਾਂ ਮਨਵਾਈਆਂ ਜਾ ਸਕਣ।
ਮੀਟਿੰਗ ਵਿੱਚ ਹੁਕਮ ਚੰਦ, ਦੇਵ ਰਾਜ ਸੁੱਜੋਂ, ਅਜੀਤ ਸਿੰਘ, ਕਰਨੈਲ ਸਿੰਘ, ਮਦਨ ਸਿੰਘ ਬਿਛੌੜੀ, ਇਕਬਾਲ ਸਿੰਘ, ਜਰਨੈਲ ਭਾਰਟਾ, ਕਸ਼ਮੀਰ ਸਿੰਘ, ਕਸ਼ਮੀਰੀ ਲਾਲ, ਜੈਪਾਲ ਸ਼ਰਮਾ, ਸ਼ਿੰਗਾਰਾ ਰਾਮ, ਸੁਖਦੇਵ ਸਿੰਘ, ਸੁਰਿੰਦਰ ਅਤੇ ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਵੀਜ਼ਨਲ ਸਕੱਤਰ ਮਦਨ ਲਾਲ ਨੇ ਬਾਖ਼ੂਬੀ ਨਿਭਾਈ।
- Download Babushahi App
-
-