ਪ੍ਰਸ਼ਾਸਨ ਨੇ ਰਾਹੁਲ ਗਾਂਧੀ ਨੂੰ ਰਾਵੀ ਪਾਰ ਜਾਣ ਤੋਂ ਰੋਕਿਆ
ਰੋਹਿਤ ਗੁਪਤਾ
ਗੁਰਦਾਸਪੁਰ : ਆਲ ਇੰਡੀਆ ਨੈਸ਼ਨਲ ਕਾਂਗਰਸ ਦੇ ਸੁਪਰੀਮੋ ਰਾਹੁਲ ਗਾਂਧੀ ਅੱਜ ਦੀਨਾਨਗਰ ਦੇ ਮਕੋੜਾ ਪਤਨ ਰਾਵੀ ਦਰਿਆ ਤੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਰਾਹੁਲ ਗਾਂਧੀ ਨੂੰ ਮਕੋੜਾ ਪਤਨ ਰਾਵੀ ਨਦੀ ਦੇ ਪਾਰਲੇ 7 ਪਿੰਡਾਂ ਵਿੱਚ ਜਾਣ ਤੋਂ ਰੋਕ ਦਿੱਤਾ। ਜਿਸ ਕਾਰਨ ਰਾਹੁਲ ਗਾਂਧੀ ਅਤੇ ਕਾਂਗਰਸੀ ਆਗੂਆਂ ਦੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਬਹਿਸ ਹੋਈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਰਾਵੀ ਨਦੀ ਦੇ ਪਾਰ ਬਸਦੇ ਪਿੰਡਾਂ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਨ। ਉਨ੍ਹਾਂ ਨੂੰ ਲੋਕਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਐੱਸਪੀ ਯੁਗਰਾਜ ਸਿੰਘ ਰਾਹੁਲ ਗਾਂਧੀ ਨੂੰ ਸਮਝਾਉਂਦੇ ਹੋਏ ਦਿਖਾਈ ਦਿੱਤੇ।
ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਗਾਂਧੀ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ ਪਰ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਰਾਹੁਲ ਗਾਂਧੀ ਨੂੰ ਰਾਵੀ ਨਦੀ ਦੇ ਪਾਰ ਜਾਣ ਤੋਂ ਰੋਕ ਦਿੱਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਵੀ ਦਰਿਆ ਤੇ ਹੜਾਂ ਤੋਂ ਪਹਿਲਾਂ ਕੋਈ ਪ੍ਰਬੰਧ ਨਹੀਂ ਕੀਤੇ ਗਏ ਸਨ ਜਿਸ ਕਾਰਨ ਇਹ ਹੜ੍ਹ ਆਇਆ ਹੈ ਅਤੇ ਲੋਕਾਂ ਨੂੰ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ।
ਰਾਵੀ ਦਰਿਆ ਪਾਰ ਕਰਨ ਤੋਂ ਰਾਹੁਲ ਗਾਂਧੀ ਨੂੰ ਰੋਕੇ ਜਾਣ 'ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਲੋਕਾਂ ਨੂੰ ਮਿਲਣ ਆਏ ਸਨ, ਉਨ੍ਹਾਂ ਨੂੰ ਰਸਤੇ ਵਿੱਚ ਕਿਉਂ ਰੋਕਿਆ ਗਿਆ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੋਵਾਂ ਦਰਿਆਵਾਂ ਦਾ ਪਾਣੀ ਇਕੱਠੇ ਛੱਡ ਕੇ ਪੰਜਾਬ ਨੂੰ ਡੁਬੋ ਦਿੱਤਾ ਹੈ, ਕੇਂਦਰ ਸਰਕਾਰ ਨੂੰ ਇਸਦੀ ਜਾਂਚ ਕਰਨੀ ਚਾਹੀਦੀ ਹੈ।