ਪੰਜਾਬ ਦੀ ਜਵਾਨੀ ਤੇ ਪਾਣੀ ਨੂੰ ਬਚਾਉਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ - ਹਰਜੋਤ ਬੈਂਸ
- 7 ਮਈ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ, ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 4 ਮਈ 2025 - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੇ ਯੁੱਧ ਨੂੰ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਗ੍ਰਾਮ ਸੁਰੱਖਿਆ ਕਮੇਟੀਆਂ, ਵਾਰਡ ਸੁਰੱਖਿਆ ਕਮੇਟੀਆਂ ਦੇ ਹਜ਼ਾਰਾਂ ਮੈਂਬਰਾਂ, ਸਰਪੰਚਾਂ, ਪੰਚਾਂ, ਨੰਬਰਦਾਰਾਂ, ਕੌਂਸਲਰਾਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਐਮ.ਪੀ ਮਲਵਿੰਦਰ ਸਿੰਘ ਕੰਗ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਸੰਤੋਸ਼ ਕਟਾਰੀਆ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਹੋਰਨਾਂ ਆਗੂਆਂ ਦੀ ਹਾਜ਼ਰੀ ਵਿਚ ਲੋਕ ਲਹਿਰ ਬਣਾਉਣ ਦਾ ਅਹਿਦ ਲਿਆ।
ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਕਰਵਾਏ ਵਿਸ਼ਾਲ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 'ਪਿੰਡਾਂ ਤੇ ਸ਼ਹਿਰਾਂ ਦੇ ਪਹਿਰੇਦਾਰ' ਮੁਹਿੰਮ ਦੇ ਆਗਾਜ਼ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਸ਼ਹੀਦ ਭਗਤ ਸਿੰਘ ਨਗਰ ਵਾਸੀਆਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਲੜਾਈ ਨੂੰ ਜ਼ਿਲ੍ਹੇ ਦੇ ਹਰ ਪਿੰਡ, ਕਸਬੇ ਤੇ ਗਲੀ-ਮੁਹੱਲੇ ਤੱਕ ਲਿਜਾ ਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਉਣਗੇ।
ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦਾ ਮੁਕੰਮਲ ਖ਼ਾਤਮਾ ਕਰਕੇ ਦਮ ਲਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਤੇ ਪਾਣੀ ਨੂੰ ਬਚਾਉਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ ਅਤੇ ਇਸ ਲਈ ਸਾਰੇ ਪੰਜਾਬੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਆਉਂਦੀ 7 ਮਈ ਤੋਂ ਸੂਬੇ ਭਰ ਵਿਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਹੋਵੇਗੀ, ਜੋ ਕਿ ਰੋਜ਼ਾਨਾ ਹਰੇਕ ਬਲਾਕ ਦੇ 3 ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਾਕਤ ਨਾਲ ਨਸ਼ਾ ਤਸਕਰਾਂ ਖਿਲਾਫ ਮਿਸਾਲੀ ਕਾਰਵਾਈ ਕਰਦਿਆਂ ਨਸ਼ੇ ਦੀ ਸਪਲਾਈ ਲਾਈਨ ਤੋੜਨ ਵਿਚ ਕਾਮਯਾਬ ਰਹੀ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਕਾਲੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਮਲੀਆ-ਮੇਟ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਤਿੰਨ ਚੀਜ਼ਾਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਵਿਚ ਨਸ਼ਾ ਤਸਕਰਾਂ ਖਿਲਾਫ ਮਿਸਾਲੀ ਕਾਰਵਾਈ, ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਦਾ ਇਲਾਜ ਅਤੇ ਉਹਨਾਂ ਦਾ ਮੁੜ-ਵਸੇਬਾ ਕਰਵਾਉਣਾ ਸ਼ਾਮਿਲ ਹੈ।
ਇਸ ਮੌਕੇ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਤੇ ਨਸ਼ਾ ਤਸਕਰਾਂ ਦੀ ਕਿਸੇ ਵੀ ਕਿਸਮ ਦੀ ਸਹਾਇਤਾ ਨਾ ਕਰਨ ਦੀ ਸਹੁੰ ਚੁਕਾਈ।
ਸਮਾਗਮ ਦੇ ਵਿਸ਼ੇਸ਼ ਮਹਿਮਾਨ ਲੋਕ ਸਭਾ ਮੈਂਬਰ ਹਲਕਾ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਸੱਦਾ ਦਿੱਤਾ ਕਿ ਲੋਕ ਨਸ਼ਾ ਵਿਰੋਧੀ ਮੁਹਿੰਮ ਵਿਚ ਮੋਹਰੀ ਭੂਮਿਕਾ ਨਿਭਾਉਣ, ਤਾਂ ਹੀ ਨਸ਼ਿਆਂ ਦੇ ਦੈਂਤ ਦਾ ਮੁਕੰਮਲ ਸਫ਼ਾਇਆ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਸਹਿਯੋਗ ਨਾਲ ਹੋਰ ਅਸਰਦਾਰ ਢੰਗ ਨਾਲ ਚਲਾ ਕੇ ਸੂਬੇ ਤੋਂ ਜਲਦ ਹੀ ਨਸ਼ੇ ਦਾ ਮੁਕੰਮਲ ਖ਼ਾਤਮਾ ਕਰ ਦਿੱਤਾ ਜਾਵੇਗਾ ਅਤੇ ਦੋ ਕੁ ਫੀਸਦੀ ਸਮਾਜ ਵਿਰੋਧੀ ਅਨਸਰਾਂ ਨੂੰ ਮੂੰਹ ਦੀ ਖਾਣੀ ਪਵੇਗੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੋਤ ਸਿੰਘ ਬੈਂਸ ਅਤੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ ਪੰਜਾਬ ਕੋਲ ਵਾਧੂ ਪਾਣੀ ਨਹੀ ਹੈ ਅਤੇ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਕੀਮਤੀ ਸ੍ਰੋਤ ਪਾਣੀ ਦੀ ਰਾਖੀ ਲਈ ਹਰ ਸੰਭਵ ਪ੍ਰਸ਼ਾਸਕੀ, ਕਾਨੂੰਨੀ ਤੇ ਸਿਆਸੀ ਲੜਾਈ ਲੜੇਗੀ। ਇਸ ਦੌਰਾਨ ਹੋਰ ਨਾ ਬੁਲਾਰਿਆਂ ਨੇ ਵੀ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ ਪੁਲਿਸ ਸਿਹਤ ਅਤੇ ਖੇਡ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀਆਂ ਲਾਮਿਸਾਲ ਕਾਰਵਾਈਆਂ ਸਬੰਧੀ ਤਿਆਰ ਕੀਤੀਆਂ ਗਈਆਂ ਦਸਤਾਵੇਜ਼ੀ ਫ਼ਿਲਮਾਂ ਵੀ ਦਿਖਾਈਆਂ ਗਈਆਂ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਪਹਿਰੇਦਾਰਾਂ ਨੂੰ ਉਨ੍ਹਾਂ ਦੇ ਫ਼ਰਜ਼ਾਂ ਤੋਂ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਰਾਸ਼ਟਰੀ ਗਾਣ ਨਾਲ ਸਮਾਗਮ ਦੀ ਸਮਾਪਤੀ ਹੋਈ।
ਇਸ ਮੌਕੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਬੱਲੂ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਨਗਰ ਸੁਧਾਰ ਟਰਸਟ ਨਵਾਂ ਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕੀਟ ਕਮੇਟੀ ਨਵਾਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, , ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਬੀਰ ਕਰਨਾਣਾ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਬਲਵਿੰਦਰ ਕੌਰ, ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਜੋਨ ਕੋਆਰਡੀਨੇਟਰ ਨਯਨ ਛਾਬੜਾ, ਜ਼ਿਲਾ ਕੋਆਰਡੀਨੇਟਰ ਅਤੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨਵਾਲ, ਬਲਾਚੌਰ ਕੋਆਰਡੀਨੇਟਰ ਬਲਦੇਵ ਰਾਜ, ਬੰਗਾ ਕੋਆਰਡੀਨੇਟਰ ਪ੍ਰਭਜੋਤ ਸਿੰਘ ਅਤੇ ਨਵਾਂਸ਼ਹਿਰ ਕੋਆਰਡੀਨੇਟਰ ਵਨੀਤ ਸਿੰਘ ਜਾਡਲਾ, ਬ੍ਰਿਗੇਡੀਅਰ ਰਾਜ ਕੁਮਾਰ, ਪਰਵਿੰਦਰ ਸਿੰਘ ਢੋਟ, ਰਾਜਦੀਪ ਕੌਰ ਸ਼ਰਮਾ ਤੇ ਹੋਰ ਅਹਿਮ ਸ਼ਖਸੀਅਤਾਂ ਮੌਜੂਦ ਸਨ।
ਇਸ ਮੌਕੇ ਹਾਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਸੀ.ਐਮ ਫੀਲਡ ਅਫ਼ਸਰ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ। ਮੰਚ ਸੰਚਾਲਨ ਡਾ. ਸੁਰਿੰਦਰ ਪਾਲ ਅਗਨੀਹੋਤਰੀ ਵੱਲੋਂ ਬਾਖੂਬੀ ਕੀਤਾ ਗਿਆ।