ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ -MLA ਸ਼ੈਰੀ ਕਲਸੀ
ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 19 ਅਗਸਤ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿੱਖਿਆਂ ਦੇ ਖੇਤਰ ਵਿੱਚ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸਾਡੇ ਸਾਰਿਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਉਨਾਂ ਨੇ ਕਿਹਾ ਕਿ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਸਿਰਫ਼ ਸਿੱਖਿਆ ਨਾਲ ਹੀ ਖਤਮ ਕੀਤਾ ਜਾ ਸਦਾ ਹੈ ਅਤੇ ਸਿੱਖਿਆ ਉਹ ਹਥਿਆਰ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਵਿੱਚੋਂ ਕੱਢ ਸਕਦੀ ਹੈ।
ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨਾਂ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਸ਼ਵਾਸ ਵਧਾਇਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਕੀਤੇ ਹਨ। ਪੰਜਾਬ ਵਾਸੀਆਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਸਹੂਲਤ ਗੱਲ ਕਰਦਿਆਂ ਉਨਾਂ ਦੱਸਿਆ ਕਿ ਸੂਬੇ ਦੇ ਕਰੀਬ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤ ਦਾ ਧਿਆਨ ਰੱਖਿਆ ਹੈ, ਜਿਸ ਕਾਰਨ ਪੰਜਾਬ ਅੱਗੇ ਵਧ ਰਿਹਾ ਹੈ।