ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਕਾਲਜ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਮੰਗ ਪੱਤਰ
ਅਸ਼ੋਕ ਵਰਮਾ
ਬਠਿੰਡਾ, 22 ਅਗਸਤ 2026 : ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿਤਾਂ ਦੇ ਉਲਟ ਕੰਮ ਕਰ ਰਹੀ ਹੈ। ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਿੱਜੀ ਡਿਜੀਟਲ ਯੂਨੀਵਰਸਿਟੀਆਂ ਖੋਲ੍ਹਣ ਦਾ ਬਿੱਲ ਪਾਸ ਕੀਤਾ ਗਿਆ ਹੈ। ਫੀਸਾਂ ਵਿੱਚ ਵਾਧਾ ਕੀਤਾ ਗਿਆ ਹੈ , ਜਿਸ ਵਿਰੁੱਧ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਦਾ ਸੰਘਰਸ਼ ਵੀ ਚੱਲ ਰਿਹਾ ਹੈ ਪਰ ਸਰਕਾਰ ਉਹਨਾਂ ਦੀ ਗੱਲ ਨਹੀਂ ਸੁਣ ਰਹੀ। ਕੌਮੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਿੱਖਿਆ ਦੇ ਨਿੱਜੀਕਰਨ ਅਤੇ ਵਪਾਰੀਕਰਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਵਿਦਿਆਰਥੀ ਆਗੂਆਂ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਘਾਟੇ ਕਾਰਨ ਕਾਂਸਟੀਚੂਐਂਟ ਕਾਲਜਾਂ ਨੂੰ ਬਣਦੀ ਸਲਾਨਾ ਗ੍ਰਾਂਟ ਜਾਰੀ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਵਿਦਿਆਰਥੀਆਂ ਨੂੰ ਮੁਢਲੀਆਂ ਸਹੂਲਤਾਂ ਤੱਕ ਨਹੀਂ ਮਿਲ ਰਹੀਆਂ। ਗੁਰਮੀਤ ਸਿੰਘ ਖੁੱਡੀਆਂ ਨੂੰ ਪਹਿਲਾਂ ਵੀ ਕਾਲਜ ਦੀ ਮਾੜੀ ਹਾਲਤ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਸੀ ਪਰ ਇਹਨਾਂ ਮੰਗਾਂ ਦਾ ਕੋਈ ਵਾਜਬ ਹੱਲ ਨਹੀਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਸੇ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਐੱਸ.ਯੂ. (ਸ਼ਹੀਦ ਰੰਧਾਵਾ) ਨੇ ਭਾਜਪਾ ਦੇ ਗੁੰਡਿਆਂ ਵੱਲੋਂ ਅਭੀਜੀਤ ਦੀਪਕੇ ਅਤੇ ਉਨ੍ਹਾਂ ਦੇ ਸਾਥੀਆਂ ਤੇ ਸਕੂਲਾਂ ਦੇ ਕੀਤੇ ਜਾ ਰਹੇ ਦੌਰੇ ਦੌਰਾਨ ਹੋਏ ਹਮਲੇ ਦੀ ਵੀ ਨਿਖੇਧੀ ਕੀਤੀ । ਇਸ ਮੌਕੇ ਵਿਦਿਆਰਥੀ ਆਗੂ ਨਵਜੋਤ ਸਿੰਘ, ਅਸੀਮ, ਸਾਹਿਲ ਅਤੇ ਸੱਜਨ ਆਦਿ ਮੌਜੂਦ ਸਨ।
- Download Babushahi App
-
-