ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਪਟਿਆਲਾ ਵਿੱਚ ਮੁਕੰਮਲ ਹੜਤਾਲ
ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ, ਪੈਨਸ਼ਨਰਾਂ ਵੱਲੋਂ ਵੀ ਹੜਤਾਲ ਨੂੰ ਸਮਰਥਨ; 23 ਅਗਸਤ ਨੂੰ ਸਤੌਜ ਵਿਖੇ ਰੈਲੀ ਅਤੇ 27 ਨੂੰ ਪੰਜਾਬ ਬੰਦ ਦਾ ਐਲਾਨ
ਗੁਰਪ੍ਰੀਤ ਸਿੰਘ ਜਖਵਾਲੀ।
ਪਟਿਆਲਾ 20 ਅਗਸਤ 2026:-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (PSMSU) ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ ਤਹਿਤ ਅੱਜ 20 ਅਗਸਤ ਨੂੰ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਮੁਕੰਮਲ ਹੜਤਾਲ ਕੀਤੀ ਗਈ। 17, 18, 19 ਅਤੇ 20 ਅਗਸਤ ਨੂੰ ਕੀਤੀ ਗਈ ਇਸ ਹੜਤਾਲ ਦੌਰਾਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਰੀਗੇਸ਼ਨ ਵਿਭਾਗ, ਭਾਖੜਾ ਮੇਨ ਲਾਈਨ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਮਾਰੂ ਪੱਤਰ ਰੱਦ ਕਰਨ, ਬਕਾਇਆ ਡੀ.ਏ. ਜਾਰੀ ਕਰਨ, ਏ.ਸੀ.ਪੀ. ਸਕੀਮ ਬਹਾਲ ਕਰਨ ਅਤੇ ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਦੇਣ ਸਮੇਤ ਹੋਰ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।
ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਖੁਸ਼ਵਿੰਦਰ ਕਪਿਲਾ ਅਤੇ ਬਚਿੱਤਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਸਿਆਸੀ ਖ਼ਮਿਆਜ਼ਾ ਭੁਗਤਣਾ ਪਵੇਗਾ।
ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਵਿਰਕ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ‘ਮਹਾ-ਬੰਦ’ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਮਹਾ-ਬੰਦ ਦੌਰਾਨ ਸਵੀਪਰ ਤੋਂ ਲੈ ਕੇ ਉੱਚ ਪੱਧਰ ਤੱਕ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਕਜੁੱਟ ਹੋ ਕੇ ਕੰਮ ਤੋਂ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਅਤੇ ਸਰਕਾਰੀ ਮਸ਼ੀਨਰੀ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਇਸ ਕਾਰਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਉਪ ਨੈਨ, ਗੁਰਮੀਤ ਕੌਰ, ਅਮਰ ਬਹਾਦਰ ਬਾਠ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਪਨੇਸਰ, ਕਾਕਾ ਸਿੰਘ, ਲਵਜੀਤ ਸਿੰਘ, ਰਿੰਕੂ ਡਾਵਲਾ, ਸੂਰਜਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
- Download Babushahi App
-
-