ਪੰਜਾਬ ਸਬਾਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਸੂਬਾਈ ਕਨਵੈਨਸ਼ਨ 26 ਅਕਤੂਬਰ ਨੂੰ
ਅਸ਼ੋਕ ਵਰਮਾ
ਬਠਿੰਡਾ,25 ਅਕਤੂਬਰ 2026: ਆਲ ਇੰਡੀਆ ਸਟੇਟ ਗੌਰਮੈਂਟ ਇੰਪਲਾਈਜ਼ ਫੈਡਰੇਸ਼ਨ ਵੱਲੋਂ 12 ਦਸੰਬਰ ਨੂੰ ਰਾਮ ਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾ ਰਹੀ ਕੌਮੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਸੁਬਾਰਡੀਨੇਟਸ ਸਰਵਿਸਿਜ਼ ਫੈਡਰੇਸ਼ਨ (ਪੀ.ਐੱਸ.ਐੱਸ.ਐੱਫ.) ਵੱਲੋਂ 26 ਅਕਤੂਬਰ ਨੂੰ ਸਵੇਰੇ 11 ਵਜੇ ਤਰਕਸ਼ੀਲ ਭਵਨ, ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਕਨਵੈਂਸ਼ਨ ਨੂੰ ਆਲ ਇੰਡੀਆ ਸਟੇਟ ਗਵਰਮੈਂਟ ਇੰਪਲਾਇਜ਼ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਕਾਮਰੇਡ ਸੁਭਾਸ਼ ਲਾਂਬਾ ਸੰਬੋਧਨ ਕਰਨਗੇ। ਜਥੇਬੰਦੀ ਵੱਲੋਂ ਇਸ ਕਨਵੈਨਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਕਨਵੈਨਸ਼ਨ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਹੋਰ ਵਿੱਤੀ ਲਾਭ ਜਾਰੀ ਕਰਨ, ਕੰਪਿਊਟਰ ਅਧਿਆਪਕਾਂ ਸਮੇਤ ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਖਾਲੀ ਅਸਾਮੀਆਂ ਭਰਨ ਅਤੇ ਮੁਲਾਜ਼ਮਾਂ ਦੀਆਂ ਹੋਰ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕਣ ਬਾਰੇ ਵੀ ਚਰਚਾ ਹੋਵੇਗੀ।ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਆਗੂਆ ਸ੍ਰੀ ਹਰਿੰਦਰ ਮੱਲੀਆਂ, ਸ੍ਰੀ ਤੇਜਿੰਦਰ ਸਿੰਘ ਤੇਜੀ ਅਤੇ ਮਲਕੀਤ ਸਿੰਘ ਪੱਤੀ ਨੇ ਸਮੂਹ ਮੁਲਾਜ਼ਮ ਵਰਗ ਨੂੰ ਇਸ ਕਨਵੈਨਸ਼ਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਅਗਲੇ ਕਦਮ ਉਲੀਕੇ ਜਾ ਸਕਣ।
- Download Babushahi App
-
-