ਪੰਜਾਬ ਸਰਪੰਚ ਯੂਨੀਅਨ ਦਾ ਪ੍ਰਧਾਨ ਭਾਜਪਾ 'ਚ ਸ਼ਾਮਲ
ਚੰਡੀਗੜ੍ਹ, 12 ਅਗਸਤ 2025-ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਸਰਪੰਚ ਯੂਨੀਅਨ ਪੰਜਾਬ ਦੇ ਪ੍ਰਧਾਨ ਕਰੁਨ ਕੌੜਾ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
ਦਰਅਸਲ ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਕਰੁਨ ਕੌੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੀ ਸਮਾਜਿਕ ਕੰਮਾਂ ਦਾ ਪਾਰਟੀ ਨੂੰ ਬਹੁਤ ਲਾਭ ਹੋਵੇਗਾ। ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਰੁਨ ਕੌੜਾ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣ ਅਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਅੱਗੇ ਸ਼੍ਰੀਮਤੀ ਪ੍ਰਨੀਤ ਕੌਰ ਬੋਲੇ ਕਿ "ਭਾਜਪਾ ਪਾਰਟੀ ਲੋਕਾਂ ਦੀ ਪਾਰਟੀ ਦੀ ਹੈ ਅਤੇ ਇਹ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੈ,ਪੇਂਡੂ ਖੇਤਰਾਂ ਵਿੱਚ ਕਰੁਨ ਕੌੜਾ ਦੀ ਮਜ਼ਬੂਤ ਪਕੜ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਵਜੋਂ ਉਹਨਾਂ ਦਾ ਤਜਰਬਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ"
ਕਰੁਨ ਕੌੜਾ ਨੇ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਹਨਾਂ ਨੇ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਪ੍ਰਣ ਲਿਆ।
ਇਸ ਤੋ ਇਲਾਵਾ ਜਸਵੰਤ ਸਿੰਘ ਸਰਪੰਚ ਰੌਣੀ, ਭਗਵੰਤ ਸਿੰਘ ਲੋਕ ਸਭਾ ਇੰਚਾਰਜ, ਹਿਤੇਸ਼ ਕੌੜਾ, ਸੁੰਦਰ ਸਿੰਘ, ਗੁਰਸ਼ੇਰ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ 'ਤੇ ਪਾਰਟੀ ਦੇ ਹੋਰ ਕਈ ਆਗੂ ਅਤੇ ਵਰਕਰ ਆਦਿ ਵੀ ਮੌਜੂਦ ਸਨ।