ਸ਼ੁਰੂਆਤ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਹੋਰ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 08 ਅਕਤੂਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਨਾਂ ਕੱਟ ਬਿਜਲੀ ਸਪਲਾਈ ਦੇਣ ਦੇ ਮੰਤਵ ਨਾਲ 5000 ਕਰੋੜ ਰੁਪਏ ਦੇ ਨਿਵੇਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਨਾਲ 66 ਕੇ ਵੀ ਗਰਿੱਡ ਅੱਤੇਵਾਲੀ ਵਿਖੇ ਪ੍ਰੋਜੈਕਟ ਦਾ ਸ਼ੁਭ ਆਰੰਭ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 135 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ
ਵਿਧਾਇਕ ਰਾਏ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਸੱਤਾ ਸੰਭਾਲਦੇ ਹੀ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਕੀਤਾ ਸੀ ਜਿਸ ਦਾ ਸੂਬੇ ਦੇ 90 ਫੀਸਦੀ ਘਰਾਂ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸ਼ੁਰੂ ਹੋਏ ਇਸ ਪ੍ਰੋਜੈਕਟ ਦੇ ਨਾਲ ਨਵੇਂ ਸਬ ਸਟੇਸ਼ਨਾਂ ਦੀ ਉਸਾਰੀ, ਪੁਰਾਣੇ ਸਬ ਸਟੇਸ਼ਨਾਂ ਦੀ ਅਪਗ੍ਰੇਡੇਸ਼ਨ, ਨਵੇਂ ਟਰਾਂਸਫਾਰਮਰ ਲਗਾਉਣ ਦੇ ਨਾਲ ਕਈ ਮਹੱਤਵਪੂਰਨ ਕੰਮ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ
ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸੂਬਾ ਸਰਕਾਰ ਵੱਲੋਂ ਨਿਰੰਤਰ ਕੀਤੇ ਜਾ ਰਹੇ ਇਤਿਹਾਸਕ ਫੈਸਲਿਆਂ ਦੀ ਲੜੀ ਵਜੋਂ ਅੱਜ ਜਿਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਉਹ ਆਪਣੇ ਆਪ ਵਿੱਚ ਇਤਿਹਾਸਕ ਹੈ ਕਿਉਂਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਕਦੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਪੀਐਸਪੀਸੀਐਲ ਵੱਲੋਂ 135 ਕਰੋੜ ਦੀ ਲਾਗਤ ਨਾਲ ਸ਼ੁਰੂ ਕੀਤੇ ਇਸ ਪ੍ਰੋਜੈਕਟ ਅਧੀਨ ਨਵੇਂ ਟਰਾਂਸਫਾਰਮਰ ਲਗਾਉਣ ਤੇ ਪੁਰਾਣਿਆਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਬਿਜਲੀ ਦੇ ਖੰਭਿਆਂ ਤੇ ਲਗਾਈਆਂ ਕੇਬਲ ਤੇ ਇੰਟਰਨੈੱਟ ਦੀਆਂ ਤਾਰਾਂ ਨੂੰ ਹਟਵਾਇਆ ਜਾਵੇਗਾ ਅਤੇ ਲੋਕਾਂ ਨੂੰ ਮਿਆਰੀ ਬਿਜਲੀ ਸਪਲਾਈ ਦਿੱਤੀ ਜਾਵੇਗੀ
ਵਿਧਾਇਕ ਹੈਪੀ ਨੇ ਕਿਹਾ ਕਿ ਅੱਜ ਵਿਰੋਧੀ, ਬਿਨਾਂ ਕਿਸੇ ਵਜ੍ਹਾ ਤੋਂ ਸਰਕਾਰ ਦਾ ਵਿਰੋਧ ਕਰ ਰਹੇ ਹਨ ਜਦੋਂ ਕਿ ਚਾਹੀਦਾ ਤਾਂ ਇਹ ਹੈ ਕਿ ਜਦੋਂ ਸਰਕਾਰ ਕੋਈ ਚੰਗਾ ਕੰਮ ਕਰਦੀ ਹੈ ਤਾਂ ਵਿਰੋਧੀਆਂ ਨੂੰ ਉਸ ਦੀ ਤਾਰੀਫ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 300 ਯੁਨਿਟ ਮੁਫਤ ਬਿਜਲੀ ਦੇਣ ਦੀ ਜਿਹੜੇ ਆਗੂ ਵਿਰੋਧ ਕਰ ਰਹੇ ਹਨ ਉਨ੍ਹਾਂ ਦੇ ਆਪਣੇ ਘਰਾਂ ਨੂੰ ਮੁਫਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਇਸ ਲਈ ਹਮੇਸ਼ਾਂ ਪਾਰਟੀਬਾਜੀ ਤੋਂ ਉਪਰ ਉਠ ਕੇ ਲੋਕ ਪੱਖੀ ਫੈਸਲਿਆਂ ਦਾ ਸਾਥ ਵੀ ਦੇਣਾ ਚਾਹੀਦਾ ਹੈ
ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਐਸ.ਈ. ਇੰਜ: ਸੁਖਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਜ਼ਿਲ੍ਹੇ ਵਿੱਚ ਸਥਿਤ ਉਦਯੋਗਾਂ, ਕਿਸਾਨਾਂ ਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣ ਦੇ ਨਾਲ-ਨਾਲ ਲਟਕਦੀਆਂ ਬਿਜਲੀ ਦੀਆਂ ਤਾਰਾਂ ਤੋਂ ਵੀ ਛੁਟਕਾਰਾ ਮਿਲੇਗਾ ,ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ ਅਤੇ ਸੀਨੀਅਰ ਐਕਸੀਅਨ ਅਮਲੋਹ ਗੁਰਪ੍ਰੀਤ ਸਿੰਘ, 'ਆਪ' ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੀਨਾ ਰਾਣੀ, ਪਾਰਟੀ ਆਗੂ ਕੁਲਵਿੰਦਰ ਸਿੰਘ ਡੇਰਾ, ਰਾਜਦੀਪ ਸਿੰਘ ਰਾਜੂ, ਪ੍ਰਿਤਪਾਲ ਸਿੰਘ ਜੱਸੀ, ਰਮੇਸ਼ ਸੋਨੂ ਪਵੇਲ ਹਾਂਡਾ ਸਮੇਤ ਹੋਰ ਪਤਵੰਤੇ ਮੌਜੂਦ ਸਨ