ਫਤਿਹਗੜ ਸਾਹਿਬ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ :- 13 ਜੁਲਾਈ 2026
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਜ਼ਿਲ੍ਹਾ ਫੈਮਲੀ ਪਲੈਨਿੰਗ ਅਫ਼ਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਵ ਆਬਾਦੀ ਦਿਵਸ ਦੇ ਮੌਕੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਦੇਸ਼ ਦੀ ਲਗਾਤਾਰ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵ, ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਬਾਦੀ ਨੂੰ ਕੰਟਰੋਲ ਕਰਨ ਲਈ ਪਰਿਵਾਰ ਭਲਾਈ ਦੇ ਸਥਾਈ ਤੇ ਅਸਥਾਈ ਤਰੀਕਿਆਂ ਸਬੰਧੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਬਾਰੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ, ਉਨਾਂ ਦੇ ਵਾਰਸਾਂ, ਯੋਗ ਜੋੜਿਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਡਾ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਾਰ ਭਰ ਵਿੱਚ ਵਿਸ਼ਵ ਆਬਾਦੀ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਸੰਸਾਰ ਭਰ ਵਿੱਚ ਲਗਾਤਾਰ ਵੱਧ ਰਹੀ ਆਬਾਦੀ ਦੀਆਂ ਚੁਨੌਤੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ, ਇੱਕ ਸੰਤੁਲਿਤ, ਨਿਆਪੂਰਨ ਅਤੇ ਖੁਸ਼ਹਾਲ ਸੰਸਾਰ ਲਈ ਇੱਕਜੁੱਟ ਹੋਣ, ਪ੍ਰਜਨਨ ਸਿਹਤ, ਪਰਿਵਾਰ ਨਿਯੋਜਨ ਅਤੇ ਟਿਕਾਓ ਵਿਕਾਸ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਖੁਸ਼ਹਾਲੀ ਲਈ ਉਸ ਦੇਸ਼ ਦੀ ਆਬਾਦੀ ਦਾ ਸਥਿਰ ਹੋਣਾ ਅਤੀ ਜਰੂਰੀ ਹੁੰਦਾ ਹੈ।
ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਦੇ ਅਸਥਾਈ ਜਾਂ ਸਥਾਈ ਤਰੀਕੇ ਅਪਣਾ ਕੇ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ। ਪਰਿਵਾਰ ਨਿਯੋਜਨ ਦੀਆਂ ਸਾਰੀਆਂ ਸੇਵਾਵਾਂ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਪਰਿਵਾਰ ਨੂੰ ਸੀਮਤ ਰੱਖਣ ਨਾਲ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਵੀ ਕਮੀ ਹੁੰਦੀ ਹੈ ਅਤੇ ਦੇਸ਼ ਅੰਦਰੋਂ ਬੇਰੁਜ਼ਗਾਰੀ, ਅਨਪੜਤਾ, ਕੋਪੋਸ਼ਣ, ਗਰੀਬੀ ਆਦ ਵਰਗੀਆਂ ਸਮੱਸਿਆਵਾਂ ਨੂੰ ਵੀ ਕਾਬੂ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਕਰਨ ਨਾਲ ਦੇਸ਼ ਅਤੇ ਪਰਿਵਾਰ ਆਰਥਿਕ ਤੌਰ ਤੇ ਮਜਬੂਤ ਹੋਵੇਗਾ। ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਸਟੈਨੋ ਬਲਜੀਤ ਕੌਰ, ਨਰਸਿੰਗ ਸਿਸਟਰ ਪਰਮਿੰਦਰ ਕੌਰ, ਸਟਾਫ ਨਰਸ ਦਲਜੀਤ ਕੌਰ, ਸਿਮਰਨਪ੍ਰੀਤ ਸਿੰਘ, ਧਰਮ ਸਿੰਘ, ਮਨਵੀਰ ਸਿੰਘ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।
- Download Babushahi App
-
-