ਫਾਰਮਰ ਰਜਿਸਟਰੀ ਸਬੰਧੀ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 13 ਮਾਰਚ 2026 : ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਫਾਰਮਰ ਰਜਿਸਟਰੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਲਈ ਕੋਆਪਰੇਟਿਵ ਸੋਸਾਇਟੀਆਂ ਦੇ ਇੰਸਪੈਕਟਰਾਂ ਅਤੇ ਸਮੂਹ ਸੈਕਟਰੀਆਂ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਾਮ ਕਰਵਾਇਆ ਗਿਆ।
ਇਸ ਟਰੇਨਿੰਗ ਦਾ ਉਦੇਸ਼ ਖੇਤੀਬਾੜੀ ਨਾਲ ਜੁੜੇ ਅਧਿਕਾਰੀਆਂ ਨੂੰ ਫਾਰਮਰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਦੇਣਾ ਅਤੇ ਕਿਸਾਨਾਂ ਤੱਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਹੈ। ਇਸ ਮੌਕੇ ਜ਼ਿਲ੍ਹਾ ਮੈਨੇਜਰ ਸ੍ਰੀ ਤਰਸੇਮ ਸਿੰਘ ਬਰਾੜ ਵੱਲੋਂ ਟਰੇਨਿੰਗ ਦਿੰਦਿਆਂ ਫਾਰਮਰ ਰਜਿਸਟਰੀ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਕਿਸਾਨ ਆਪਣੀ ਰਜਿਸਟਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਲੈ ਸਕੇ।
ਮੀਟਿੰਗ ਦੌਰਾਨ ਸ੍ਰੀ ਮਹੇਸ਼ਇੰਦਰਪਾਲ ਸਿੰਘ ਤਕਨੀਕੀ ਸਹਾਇਕ (ਅੰਕੜਾ) ਬਠਿੰਡਾ ਵੱਲੋਂ ਫਾਰਮਰ ਰਜਿਸਟਰੇਸ਼ਨ ਦੀ ਆਨਲਾਈਨ ਪ੍ਰਕਿਰਿਆ ਅਤੇ ਤਕਨੀਕੀ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸਦੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਸੈਂਟਰ ਜਾਂ ਕੋਆਪਰੇਟਿਵ ਸੋਸਾਇਟੀ ਵਿੱਚ ਜਾ ਕੇ ਆਪਣੀ ਫਾਰਮਰ ਰਜਿਸਟਰੇਸ਼ਨ ਲਾਜ਼ਮੀ ਤੌਰ ‘ਤੇ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ।
Click to Follow Babushahi Facebook page →