ਫਾਰਮੇਸੀ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਦੀ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਆਯੋਜਿਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 13 ਨਵੰਬਰ 2026: ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ, ਮਿਆਰੀ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਦਫ਼ਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਫਾਰਮੇਸੀ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਲਈ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਕਰਵਾਈ ਗਈ।
ਇਸ ਮੌਕੇ ਸਿਵਲ ਸਰਜਨ ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਉਦੇਸ਼ ਅਜਿਹੀਆਂ ਸਿਖਲਾਈ ਗਤੀਵਿਧੀਆਂ ਰਾਹੀਂ ਸਿਹਤ ਕਰਮਚਾਰੀਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨਾ ਅਤੇ ਆਮ ਲੋਕਾਂ ਤੱਕ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਮੁੱਢਲੀ ਇਕਾਈ ਹਨ ਅਤੇ ਇੱਥੇ ਆਉਣ ਵਾਲੇ ਹਰੇਕ ਮਰੀਜ਼ ਨੂੰ ਸੁਚੱਜੀਆਂ, ਸਮੇਂ ਸਿਰ ਅਤੇ ਮਿਆਰੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਟ੍ਰੇਨਿੰਗ ਦੌਰਾਨ ਐੱਨ.ਸੀ.ਡੀ. (ਗੈਰ-ਸੰਚਾਰੀ ਬਿਮਾਰੀਆਂ), ਜੱਚਾ-ਬੱਚਾ ਸਿਹਤ ਸੇਵਾਵਾਂ, ਕੈਂਸਰ ਸਕਰੀਨਿੰਗ, ਐਂਟੀ ਰੇਬੀਜ਼ ਵੈਕਸੀਨੇਸ਼ਨ, ਨਿਯਮਤ ਟੀਕਾਕਰਨ ਪ੍ਰੋਗਰਾਮ ਅਤੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏ.ਬੀ.ਡੀ.ਐੱਮ.) ਆਦਿ ਮਹੱਤਵਪੂਰਨ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਸਿਖਲਾਈ ਦੌਰਾਨ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਮਰੀਜ਼ਾਂ ਦੀ ਸਹੀ ਕਾਊਂਸਲਿੰਗ, ਸਮੇਂ ਸਿਰ ਸਕਰੀਨਿੰਗ, ਰਿਕਾਰਡ ਦੀ ਸਹੀ ਸਾਂਭ-ਸੰਭਾਲ ਅਤੇ ਡਿਜੀਟਲ ਸਿਹਤ ਸੇਵਾਵਾਂ ਦੀ ਵਰਤੋਂ ਸਬੰਧੀ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਟ੍ਰੇਨਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
- Download Babushahi App
-
-