ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ
ਐਡਵੋਕੇਟ ਧਾਮੀ ਨੇ ਮਾਤਾ ਸੁਖਵਿੰਦਰ ਕੌਰ ਦੇ ਚਲਾਣੇ ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 15 ਮਈ-
ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਚੋਂ ਮਾਤਾ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਐਲਾਨ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀ ਹੋਏ ਡਰੋਨ ਹਮਲਿਆਂ ਵਿਚ ਸ. ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇੱਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਿਵਾਰ ਦੇ ਘਰ ਪਹੁੰਚਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿੱਚ ਮੈਂਬਰ ਸ. ਦਰਸ਼ਨ ਸਿੰਘ ਸ਼ੇਰ ਖਾਂ, ਸ. ਸਤਪਾਲ ਸਿੰਘ ਤਲਵੰਡੀ, ਸ. ਪ੍ਰੀਤਮ ਸਿੰਘ ਮਲਸੀਆਂ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਵਫ਼ਦ ਨੇ ਅਕਾਲ ਚਲਾਣਾ ਕਰ ਗਏ ਮਾਤਾ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।