ਬਠਿੰਡਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦੀ ਸ਼ੁਰੂਆਤ 1 ਜਨਵਰੀ 2026 ਤੋਂ
ਅਸ਼ੋਕ ਵਰਮਾ
ਬਠਿੰਡਾ, 19 ਦਸੰਬਰ 2025: ਪੰਜਾਬ ਸਰਕਾਰ ਵੱਲੋਂ ਨਿਵੇਕਲੀ ਕਿਸਮ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦੀ ਸ਼ੁਰੂਆਤ 1 ਜਨਵਰੀ 2026 ਤੋਂ ਕੀਤੀ ਜਾ ਰਹੀ ਹੈ। ਇਹ ਕਾਰਡ ਕਾਰਡ ਬਣਾਉਣ ਲਈ ਪੰਜਾਬ ਦਾ ਵਸਨੀਕ ਹੋਣਾ ਲਾਜ਼ਮੀ ਹੈ ਅਤੇ ਕਾਰਡ ਤੇ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜ਼ੇਸ ਧੀਮਾਨ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਤਹਿਤ ਜ਼ਿਲ੍ਹੇ ਅੰਦਰ ਬਣਾਏ ਜਾਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਕਾਰਡਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਊਂ ਤਿਆਰੀਆਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ ਧੀਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਹੇਠਲੇ ਪੱਧਰ ਤੱਕ ਆਮ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਹਾ ਪ੍ਰਾਪਤ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਨਾਉਣ ਲਈ ਨਾ ਤਾਂ ਕੋਈ ਉਮਰ ਦੀ ਹੱਦ ਹੈ ਅਤੇ ਨਾ ਹੀ ਕੋਈ ਆਮਦਨ ਦੀ ਹੱਦ ਹੈ। ਕਾਰਡ ਬਨਾਉਣ ਲਈ ਸਿਰਫ਼ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ। ਕਾਰਡ ਆਪਣੇ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਬਣਾਏ ਜਾ ਸਕਦੇ ਹਨ। ਕਾਰਡ ਬਨਾਉਣ ਸਮੇਂ ਵਿਅਕਤੀ ਕੋਲ ਆਧਾਰ ਕਾਰਡ, ਵੋਟ ਕਾਰਡ ਅਤੇ ਮੋਬਾਇਲ ਨੰਬਰ ਹੋਣਾ ਲਾਜ਼ਮੀ ਹੈ ਅਤੇ ਇਹ ਵੀ ਜ਼ਰੂਰੀ ਹੈ ਕਿ ਸਬੰਧਤ ਵਿਅਕਤੀ ਦਾ ਆਧਾਰ ਕਾਰਡ ਮੋਬਾਇਲ ਨੰਬਰ ਨਾਲ ਲਿੰਕ ਹੋਵੇ।
ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦਾ ਲਾਹਾ ਲੈਣ ਲਈ ਹਰ ਵਿਅਕਤੀ ਲਈ ਇਹ ਕਾਰਡ ਬਨਾਉਣਾ ਜ਼ਰੂਰੀ ਹੈ। ਇਸ ਕਾਰਡ ਬਨਾਉਣ ਲਈ ਪਰਿਵਾਰ ਦੇ ਮੁਖੀ ਦੀ ਆਈ.ਡੀ ਬਣੇਗੀ ਅਤੇ ਉਸ ਆਈ.ਡੀ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੀ ਡਿਟੇਲ ਦਰਜ ਕੀਤੀ ਜਾਵੇਗੀ। ਉਸ ਉਪਰੰਤ ਪਰਿਵਾਰ ਦੇ ਹਰ ਮੈਂਬਰ ਨੂੰ ਸਿਹਤ ਬੀਮਾ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਜਾ ਕੇ ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਹੋਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਐਨ.ਜੀ.ਓਜ਼ ਆਦਿ ਦਾ ਪੂਰਾ ਸਹਿਯੋਗ ਲੈਂਦਿਆਂ ਇੱਕ ਟੀਮ ਵਾਂਗ ਰਲ ਕੇ ਕੰਮ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਅੰਦਰ ਕੋਈ ਵਿਅਕਤੀ ਮੁੱਖ ਮੰਤਰੀ ਸਿਹਤ ਬੀਮਾ ਯੋਜ਼ਨਾ ਦਾ ਕਾਰਡ ਬਨਾਉਣ ਤੋਂ ਵਾਝਾਂ ਨਾ ਰਹਿ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਮੁੱਖ ਮੰਤਰੀ ਖੇਤਰੀ ਅਫ਼ਸਰ ਸ੍ਰੀ ਰਮਨਜੀਤ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ, ਸੀ.ਐਸ.ਸੀ. ਬਠਿੰਡਾ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ ਤਰਸੇਮ ਸਿੰਘ ਬਰਾੜ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।