ਭਗਤਾ ਭਾਈ 'ਚ ਲੜਕੀਆਂ ਦੇ ਸਰਕਾਰੀ ਸਕੂਲ ਸਮੇਤ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ
ਅਸ਼ੋਕ ਵਰਮਾ
ਭਗਤਾ ਭਾਈ (ਬਠਿੰਡਾ), 5 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਬਦਲਣ ਲਈ ਸ਼ੁਰੂ ਕੀਤੀ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਬੇਅੰਤ ਸਿੰਘ ਧਾਲੀਵਾਲ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਭਗਤਾਂ ਭਾਈ ਸਮੇਤ ਵੱਖ-ਵੱਖ ਸਕੂਲਾਂ ਦੇ ਕਰੀਬ 72 ਲੱਖ ਰੁਪਏ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸ੍ਰੀ ਧਾਲੀਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਗਤਾ ਭਾਈ ਵਿਖੇ 47 ਲੱਖ ਰੁਪਏ, ਸਰਕਾਰੀ ਹਾਈ ਸਕੂਲ ਕੇਸਰ ਸਿੰਘ ਵਾਲਾ 10 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ਵਿਖੇ 7 ਲੱਖ 35 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੁੱਲੇਵਾਲਾ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਸ੍ਰੀ ਬੇਅੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ’ਚ ਸੁਧਾਰ ਲਿਆਉਣ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜ ਕੇ ਉੱਚ ਪੱਧਰੀ ਸਿਖਲਾਈ ਦਿਵਾਈ ਗਈ।ਇਸ ਮੌਕੇ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡਾਂ ਦੀ ਪੰਚਾਇਤਾਂ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।