ਭਾਈ ਲਾਲੂ ਜੀ ਦੀ ਯਾਦ ’ਚ ਡੱਲਾ ਵਿਖੇ ਸਜਾਇਆ ਨਗਰ ਕੀਰਤਨ
**ਸ਼ਰਧਾਲੂ ਸੰਗਤਾਂ ਨਾਮ ਵਾਹਿਗੁਰੂ ਵਾਹਿਗੁਰੂ ਜਪਦਿਆਂ ਵੱਡੀ ਗਿਣਤੀ ‘ਚ ਕੀਤੀ ਸ਼ਮੂਲੀਅਤ**
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 20 ਸਤੰਬਰ 2025 :ਸਿੱਖਾਂ ਦੇ ਤੀਸਰੇ ਗੁਰੂ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਵੱਲੋਂ ਵਰੋਸਾਏ ਮੰਜੀਦਾਰ ਸਿੱਖ ਤੇ ਨਾਮਵਰ ਵੈਦ ਬ੍ਰਹਮ ਗਿਆਨੀ ਭਾਈ ਲਾਲੂ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲੇ ਮੌਕੇ ਇਤਿਹਾਸਕ ਗੁਰਦੁਆਰਾ ਪ੍ਰਕਾਸ਼ ਅਸਥਾਨ ਨਗਰ ਡੱਲਾ ਸਾਹਿਬ ਵਿਖੇ ਅੱਜ ਸਵੇਰੇ ਪਰਸੋ ਰੋਜ ਤੋਂ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸਦੇ ਇਲਾਵਾ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਜੀ ਪੰਜਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਤਾ ਦਮੋਦਰੀ ਜੀ ਛੇਵੀਂ ਪਾਤਸ਼ਾਹੀ ਵਿਖੇ ਵੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਪਾਵਨ ਬਾਉਲੀ ਸਾਹਿਬ ’ਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ‘ਚ ਹਾਜਰੀ ਭਰੀ।
ਇਸ ਉਪਰੰਤ ਦੁਪਹਿਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਵੱਲੋਂ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ‘ਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਨੇ ਕੀਤੀ । ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਬਹੁਤ ਸੁੰਦਰ ਪਾਲਕੀ ਸਾਹਿਬ ‘ਚ ਸੰਗਤਾਂ ਦੇ ਦਰਸ਼ਨਾਂ ਲਈ ਸ਼ਸ਼ਬਿਤ ਕੀਤਾ ਗਿਆ ਹੈ।
ਸੰਗਤਾਂ ਵੱਡੀ ਗਿਣਤੀ ‘ਚ ਨਗਰ ਕੀਰਤਨ ‘ਚ ਸ਼ਮੂਲੀਅਤ ਕੀਤੀ ਤੇ ਵਾਹਿਗੁਰੂ ਵਾਹਿਗੁਰੂ ਦਾ ਜਾਪ ਕਰਦੇ ਤੇ ਗੁਰਬਾਣੀ ਸ਼ਬਦ ਗਾਇਨ ਕਰਦੇ ਹੋਏ ਵੀ ਸ਼ਰਧਾ ਨਾਲ ਪਾਲਕੀ ਸਾਹਿਬ ਦੇ ਪਿੱਛੇ ਪਿੱਛੇ ਪੈਦਲ ਯਾਤਰਾ ਕੀਤੀ। ਗੱਤਕਾ ਪਾਰਟੀਆਂ ਨੇ ਨਗਰ ਕੀਰਤਨ ਦੌਰਾਨ ਅੱਗੇ ਅੱਗੇ ਗੱਤਕੇ ਦੇ ਜੌਹਰ ਦਿਖਾਏ ਤੇ ਸੰਗਤਾਂ ਨੂੰ ਮਾਰਸ਼ਲ ਖੇਡ ਵੱਲ ਆਕਰਸ਼ਤ ਕੀਤਾ।
ਇਸ ਸਮੇ ਡੱਲਾ ਨਿਵਾਸੀ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਤੇ ਫਲ ਫਰੂਟ ਆਦਿ ਦੇ ਵੱਖ ਵੱਖ ਥਾਵਾਂ ਤੇ ਲੰਗਰ ਲਗਾਏ ਗਏ ।