ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਬਾਹਰ ‘ਆਪ’ ਦਾ ਜ਼ੋਰਦਾਰ ਰੋਸ ਵਿਖਾਵਾ
ਭਾਜਪਾ ਪੰਜਾਬ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ: ਡਾ. ਨਿੱਜਰ
ਕੁਲਵਿੰਦਰ ਸਿੰਘ/ ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ ਸਾਹਿਬ, 20 ਜੂਨ 2026
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਪਾਰਟੀ ਪੰਜਾਬ ਵਿੱਚ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪ੍ਰਦਰਸ਼ਨ ਦੌਰਾਨ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਰਾਹੀਂ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇਓਹਨਾ ਕਿਹਾ ਕਿ ਧਰਮ ਦੇ ਨਾਮ ‘ਤੇ ਰਾਜਨੀਤੀ ਕਰਕੇ ਪੰਜਾਬ ਦੀ ਏਕਤਾ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਖ-ਵੱਖ ਸੂਬਿਆਂ ਵਿੱਚ ਧਾਰਮਿਕ ਧ੍ਰੁਵੀਕਰਨ ਦੀ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਹੁਣ ਪੰਜਾਬ ਵਿੱਚ ਵੀ ਉਹੀ ਰਣਨੀਤੀ ਅਪਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸ਼ਹੀਦਾਂ, ਗਦਰੀ ਬਾਬਿਆਂ ਅਤੇ ਦੇਸ਼ਭਗਤਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਬੀਜਣ ਦਿੱਤੇ ਜਾਣਗੇ। ਧਾਲੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਕੋਲ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਦਾ ਕੋਈ ਹੱਲ ਨਹੀਂ ਹੈ ਅਤੇ ਉਹ ਸਿਰਫ਼ ਮਾਹੌਲ ਖਰਾਬ ਕਰਕੇ ਸਿਆਸੀ ਲਾਭ ਲੈਣਾ ਚਾਹੁੰਦੀ ਹੈ। ਉੱਥੇ ਹੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਭਾਜਪਾ ਦੀ ਪੰਜਾਬ ਪ੍ਰਤੀ ਨੀਤੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਾਰਟੀ ਨੂੰ ਚੰਡੀਗੜ੍ਹ, ਭਾਖੜਾ ਡੈਮ, ਪੰਜਾਬ ਦੇ ਪਾਣੀਆਂ, ਕਿਸਾਨੀ, ਹੜ੍ਹ ਪੀੜਤਾਂ ਲਈ ਮੁਆਵਜ਼ੇ, ਆਰ.ਡੀ.ਐੱਫ. ਅਤੇ ਸਿਹਤ ਮਿਸ਼ਨ ਦੇ ਫੰਡਾਂ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਜਿੱਥੇ ਨਫ਼ਰਤ ਨਹੀਂ ਸਗੋਂ ਪਿਆਰ ਅਤੇ ਭਾਈਚਾਰਾ ਹੀ ਕਾਇਮ ਰਹਿ ਸਕਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਅਤੇ ਭਾਈਚਾਰੇ ਦਾ ਮਾਹੌਲ ਬਣਾਈ ਰੱਖਣ ਲਈ ਉਹ ਹਰ ਪੱਧਰ ‘ਤੇ ਅਜਿਹੀਆਂ ਸਿਆਸੀ ਕੋਸ਼ਿਸ਼ਾਂ ਦਾ ਵਿਰੋਧ ਕਰਦੇ ਰਹਿਣਗੇ ਜੋ ਸਮਾਜ ਵਿੱਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।
- Download Babushahi App
-
-