ਭਾਰਤ ਚੋਣ ਕਮਿਸ਼ਨ ਨੇ ਜ਼ਿਲੇ 'ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਨੂੰ ਦਿੱਤੀ ਪ੍ਰਵਾਨਗੀ
ਕੁੱਲ ਪੋਲਿੰਗ ਸਟੇਸ਼ਨ 1600 ਹੋਏ
ਰੋਹਿਤ ਗੁਪਤਾ
ਗੁਰਦਾਸਪੁਰ, 3 ਅਗਸਤ
ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲਾ ਗੁਰਦਾਸਪੁਰ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਪ੍ਰਵਾਨਗੀ ਉਪਰੰਤ ਜ਼ਿਲੇ ਵਿਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 1553 ਤੋਂ ਵਧ ਕੇ 1600 ਹੋ ਗਈ ਹੈ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਰੈਸ਼ਨਲਾਈਜ਼ੇਸ਼ਨ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਤਿਆਰ ਤਜਵੀਜ਼ 'ਤੇ ਵਿਚਾਰ-ਵਟਾਂਦਰੇ ਲਈ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਪਾਰਟੀਆਂ ਦੀ ਸਹਿਮਤੀ ਪ੍ਰਾਪਤ ਹੋਣ ਉਪਰੰਤ ਇਹ ਤਜਵੀਜ਼ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਭੇਜੀ ਗਈ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਵਾਨਗੀ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕੇ ਅਨੁਸਾਰ ਪੋਲਿੰਗ ਸਟੇਸ਼ਨਾਂ 'ਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 207 ਤੋਂ ਵੱਧ ਕੇ 212 (05 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਦੀਨਾਨਗਰ (ਰਾਖਵਾਂ) 229 ਤੋਂ ਵੱਧ ਕੇ 234 (05 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਕਾਦੀਆਂ 223 ਤੋਂ ਵੱਧ ਕੇ 228 (05 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਬਟਾਲਾ 201 ਤੋਂ ਵੱਧ ਕੇ 214 (13 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (ਰਾਖਵਾਂ) 226 ਤੋਂ ਵੱਧ ਕੇ 231 (05 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ 226 ਤੋਂ ਵੱਧ ਕੇ 231 (05 ਨਵੇਂ ਪੋਲਿੰਗ ਸਟੇਸ਼ਨ) ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 241 ਤੋਂ ਵੱਧ ਕੇ 250 (09 ਨਵੇਂ ਪੋਲਿੰਗ ਸਟੇਸ਼ਨ) ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਪੋਲਿੰਗ ਸਟੇਸ਼ਨਾਂ ਦੀ ਪ੍ਰਵਾਨਿਤ ਰੈਸ਼ਨਲਾਈਜ਼ੇਸ਼ਨ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।
- Download Babushahi App
-
-