ਭੁਪਿੰਦਰ ਸਿੰਘ ਹੋਣਗੇ ਮਾਲੇਰਕੋਟਲਾ ਦੇ ਨਵੇਂ SSP
ਹਰਕਮਲਪ੍ਰੀਤ ਸਿੰਘ ਖੱਖ ਸਾਹਿਬ ਦੇ ਕਾਰਜਕਾਲ ਦੌਰਾਨ 26 ਦਿਨਾਂ ਵਿੱਚ 369 ਮੁਲਜ਼ਮ ਗ੍ਰਿਫ਼ਤਾਰ,ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਵੀ ਚੱਲਿਆ ਬੁਲਡੋਜ਼ਰ
ਇਸਮਾਈਲ ਏਸ਼ੀਆ
ਮਾਲੇਰਕੋਟਲਾ, 25 ਨਵੰਬਰ 2026- ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਕੀਤੇ ਗਏ ਫੇਰਬਦਲ ਤਹਿਤ ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਦਾ ਨਵਾਂ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਦੀ ਥਾਂ ਲੈਣਗੇ, ਜਿਨ੍ਹਾਂ ਦਾ ਤਬਾਦਲਾ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਕੀਤਾ ਗਿਆ ਹੈ। ਭੁਪਿੰਦਰ ਸਿੰਘ ਨੇ ਫਿਰੋਜ਼ਪੁਰ ਵਿਖੇ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਕਈ ਅਹਿਮ ਕਾਰਵਾਈਆਂ ਕੀਤੀਆਂ। ਉਨ੍ਹਾਂ ਦੀ ਅਗਵਾਈ ਹੇਠ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦੇ ਨਾਲ-ਨਾਲ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਗਿਰੋਹਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ।
ਫਿਰੋਜ਼ਪੁਰ ਪੁਲਿਸ ਵੱਲੋਂ 2025 ਦੌਰਾਨ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦੇ ਸਾਲਾਨਾ ਵੇਰਵਿਆਂ ਅਨੁਸਾਰ, 1 ਜਨਵਰੀ ਤੋਂ 30 ਦਸੰਬਰ ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ 1,617 ਮਾਮਲੇ ਦਰਜ ਕਰਕੇ 2,013 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 266.085 ਕਿਲੋਗ੍ਰਾਮ ਹੈਰੋਇਨ, 56.592 ਕਿਲੋਗ੍ਰਾਮ ਅਫ਼ੀਮ, 1,362.577 ਕਿਲੋਗ੍ਰਾਮ ਭੁੱਕੀ, 21.600 ਕਿਲੋਗ੍ਰਾਮ ਗਾਂਜਾ ਅਤੇ 9,74,797 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ ਨਸ਼ਿਆਂ ਅਤੇ ਹਵਾਲਾ ਰਕਮ ਵਜੋਂ 1.40 ਕਰੋੜ ਰੁਪਏ ਬਰਾਮਦ ਕੀਤੇ ਗਏ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਵਿਰੁੱਧ ਕਾਰਵਾਈ ਕਰਦਿਆਂ 30 ਮਾਮਲਿਆਂ ਵਿੱਚ 10.45 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਗਈ, ਜਦਕਿ ਲਗਭਗ 11 ਕਰੋੜ ਰੁਪਏ ਦੀਆਂ ਜਾਇਦਾਦਾਂ ਨਾਲ ਸਬੰਧਤ 35 ਹੋਰ ਮਾਮਲੇ ਸਮਰੱਥ ਅਥਾਰਟੀ ਕੋਲ ਭੇਜੇ ਗਏ।
ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਕਾਰਵਾਈ ਕਰਦਿਆਂ 52 ਮਾਮਲੇ ਦਰਜ ਕਰਕੇ 68 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 104 ਹਥਿਆਰ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਵਾਹਨ ਚੋਰੀ ਦੇ 36 ਮਾਮਲੇ ਹੱਲ ਕਰਕੇ 61 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 70 ਚੋਰੀਸ਼ੁਦਾ ਵਾਹਨ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਜੇਬ ਕਤਰਿਆਂ ਅਤੇ ਛੋਟੀਆਂ ਚੋਰੀਆਂ ਵਰਗੇ ਅਪਰਾਧਾਂ ਵਿੱਚ ਵੀ 60 ਤੋਂ 70 ਫ਼ੀਸਦੀ ਤੱਕ ਕਮੀ ਦਰਜ ਕੀਤੀ ਗਈ।
ਅਪ੍ਰੈਲ 2026 ਵਿੱਚ ਫਿਰੋਜ਼ਪੁਰ ਪੁਲਿਸ ਵੱਲੋਂ ਪਾਕਿਸਤਾਨ ਨਾਲ ਸਬੰਧਤ ਨਸ਼ਾ ਤਸਕਰੀ ਨੈੱਟਵਰਕ ਵਿਰੁੱਧ ਅਹਿਮ ਕਾਰਵਾਈ ਕੀਤੀ ਗਈ। ਪੁਲਿਸ ਨੇ ਜਾਂਚ ਦੌਰਾਨ ਪਾਕਿਸਤਾਨ ਆਧਾਰਿਤ ਤਸਕਰ ਸ਼ਹਿਜ਼ਾਦ ਭੱਟੀ ਨਾਲ ਸਬੰਧਤ ਨੈੱਟਵਰਕ ਦਾ ਪਤਾ ਲਗਾਇਆ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 540 ਗ੍ਰਾਮ ਹੈਰੋਇਨ, ਇੱਕ ਡਰੋਨ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ। ਇਸੇ ਦੌਰਾਨ 15 ਤੋਂ 25 ਦਿਨਾਂ ਦੇ ਸਮੇਂ ਵਿੱਚ ਨਸ਼ਾ ਤਸਕਰੀ ਦੇ 10 ਮਾਮਲਿਆਂ ਵਿੱਚ 15 ਵੱਡੇ ਤਸਕਰਾਂ ਅਤੇ ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 21 ਕਿਲੋਗ੍ਰਾਮ ਤੋਂ ਵੱਧ ਹੈਰੋਇਨ, ਆਈਸ ਅਤੇ ਅਫ਼ੀਮ ਬਰਾਮਦ ਕੀਤੀ ਗਈ। ਗੈਂਗਸਟਰਾਂ ਵਿਰੁੱਧ ਕਾਰਵਾਈ ਦੌਰਾਨ ਸੱਤ ਮਾਮਲੇ ਦਰਜ ਕਰਕੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹਥਿਆਰ ਬਰਾਮਦ ਕੀਤੇ ਗਏ।
ਹਰਕਮਲਪ੍ਰੀਤ ਸਿੰਘ ਖੱਖ ਨੇ ਸਤੰਬਰ 2026 ਵਿੱਚ ਮਾਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ ਅਹੁਦਾ ਸੰਭਾਲਦਿਆਂ ਹੀ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਨੀਤੀ ਅਪਣਾਈ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। 27 ਸਤੰਬਰ 2026 ਨੂੰ ਪ੍ਰਕਾਸ਼ਿਤ ਰਿਪੋਰਟ ਅਨੁਸਾਰ, ਉਨ੍ਹਾਂ ਦੀ ਨਿਗਰਾਨੀ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ 26 ਦਿਨਾਂ ਵਿੱਚ 369 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚ 133 ਮੁਲਜ਼ਮ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ, ਜਦਕਿ ਬਾਕੀ ਮੁਲਜ਼ਮ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ।
ਇਸ ਦੌਰਾਨ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ। ਸਤੰਬਰ ਮਹੀਨੇ ਵਿੱਚ ਮਾਲੇਰਕੋਟਲਾ ਦੇ ਬੈਰਾਗੀਆਂ ਵਾਲਾ ਮੁਹੱਲੇ ਵਿੱਚ ਦੋ ਕਥਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ ਗਈਆਂ। ਪੁਲਿਸ ਅਨੁਸਾਰ ਇਹ ਜਾਇਦਾਦਾਂ ਨਸ਼ਾ ਤਸਕਰੀ ਤੋਂ ਕਮਾਈ ਗਈ ਰਕਮ ਨਾਲ ਬਣਾਈਆਂ ਗਈਆਂ ਸਨ। ਇਸ ਤੋਂ ਇਲਾਵਾ ਅਕਤੂਬਰ ਮਹੀਨੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਤਹਿਤ ਦੋ ਕੈਮਿਸਟ ਦੁਕਾਨਾਂ ਸੀਲ ਕਰਕੇ ਤਿੰਨ ਮਾਮਲੇ ਦਰਜ ਕੀਤੇ ਗਏ। ਇਸੇ ਮਹੀਨੇ ਮਹੋਲੀ ਕਲਾਂ ਵਿਖੇ ਬਿਨਾਂ ਲਾਇਸੈਂਸ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਵਿਰੁੱਧ ਵੀ ਕਾਰਵਾਈ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਖੱਖ ਨੇ ਮਾਲੇਰਕੋਟਲਾ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ, ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਨਸ਼ਾ ਤਸਕਰਾਂ ਦੀ ਸਪਲਾਈ ਲੜੀ ਤੋੜਨ, ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਨੂੰ ਰੋਕਣ ਅਤੇ ਰਾਤ ਦੀ ਗਸ਼ਤ ਤੇ ਨਾਕਾਬੰਦੀ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਖੇਡ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਸ਼ਾਮਲ ਕਰਨ ਦੀ ਨੀਤੀ ਅਪਣਾਈ ਗਈ। ਇਸ ਤੋਂ ਪਹਿਲਾਂ 2024 ਵਿੱਚ ਵੀ ਖੱਖ ਸਾਹਿਬ ਦੀ ਅਗਵਾਈ ਹੇਠ ਮਾਲੇਰਕੋਟਲਾ ਪੁਲਿਸ ਨੇ ਖੇਡ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਸੀ।
ਹੁਣ ਭੁਪਿੰਦਰ ਸਿੰਘ ਦੇ ਮਾਲੇਰਕੋਟਲਾ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਣ ਨਾਲ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਦੀ ਨਵੀਂ ਅਗਵਾਈ ਹੋਵੇਗੀ। ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਉਨ੍ਹਾਂ ਦੀਆਂ ਕਾਰਵਾਈਆਂ ਨੂੰ ਦੇਖਦਿਆਂ ਮਾਲੇਰਕੋਟਲਾ ਦੇ ਲੋਕਾਂ ਨੂੰ ਵੀ ਉਨ੍ਹਾਂ ਤੋਂ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ ਹੈ। ਦੂਜੇ ਪਾਸੇ, ਇਲਾਕੇ ਅੰਦਰ ਆਪਣੀ ਮਿਲਨੀ ਨਾਲ ਪ੍ਰਭਾਵਿਤ ਕਰਨ ਵਾਲੇ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਦਾ ਮਾਲੇਰਕੋਟਲਾ ਵਿੱਚ ਕਾਰਜਕਾਲ ਨਸ਼ਾ ਵਿਰੋਧੀ ਮੁਹਿੰਮ, ਅਪਰਾਧਿਕ ਅਨਸਰਾਂ ਵਿਰੁੱਧ ਕਾਰਵਾਈ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਦੇ ਪੱਖੋਂ ਚਰਚਾ ਵਿੱਚ ਰਿਹਾ। ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਉਹਨਾਂ ਦੇ ਤਬਾਦਲਾ ਹੋਣ ਕਾਰਨ ਮਾਯੂਸੀ ਵੀ ਲੱਗੀ ਹੈ,ਹੁਣ ਉਹ ਜਲੰਧਰ ਦਿਹਾਤੀ ਵਿਖੇ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।
- Download Babushahi App
-
-