ਭੁੱਚੋ ਤੇ ਬਠਿੰਡਾ ਸ਼ਹਿਰੀ ਹਲਕੇ ਵਿੱਚ 90 ਲੱਖ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟਾਂ ਦੀ ਵੰਡ
ਅਸ਼ੋਕ ਵਰਮਾ
ਬਠਿੰਡਾ, 7 ਜੁਲਾਈ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮਾਫੀ ਸਬੰਧੀ ਸਰਟੀਫਿਕੇਟ ਵੰਡਣ ਹਿੱਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ 86 ਲਾਭਪਾਤਰੀਆਂ ਨੂੰ 90 ਲੱਖ ਰੁਪਏ ਦਾ ਕਰਜਾ ਮੁਆਫ਼ੀ ਦੇ ਸਰਟੀਫ਼ਿਕੇਟਾਂ ਦੀ ਕੀਤੀ ਵੰਡ ਕੀਤੀ ਗਈ।ਵਿਧਾਨ ਸਭਾ ਹਲਕਾ ਭੁੱਚੋ ਨਾਲ ਸਬੰਧਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ 57 ਲਾਭਪਾਤਰੀਆਂ ਨੂੰ 60 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ 29 ਲਾਭਪਤਾਰੀਆਂ ਨੂੰ 30 ਲੱਖ ਰੁਪਏ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟਾਂ ਦੀ ਵੰਡ ਵਿਧਾਇਕ ਸ. ਜਗਰੂਪ ਸਿੰਘ ਗਿੱਲ ਵੱਲੋਂ ਆਪਣੇ ਦਫ਼ਤਰ ਵਿਖੇ ਕੀਤੀ ਗਈ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਮਿਤੀ 31 ਮਾਰਚ 2020 ਤੋਂ ਪਹਿਲਾਂ ਐਸਸੀ ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਗਏ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 4727 ਕਰਜ਼ਦਾਰਾਂ ਦਾ ਕੁੱਲ 67.84 ਕਰੋੜ ਰੁਪਏ ਦਾ ਕਰਜ਼ਾ ਮਾਫ ਹੋਇਆ ਹੈ।ਇਸ ਤੋਂ ਪਹਿਲਾਂ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤਾਂ ਅਤੇ ਸਮਾਜ ਦੇ ਪਿਛੜੇ ਵਰਗਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਇਸ ਮੌਕੇ ਜਿੰਨ੍ਹਾਂ ਲੋਕਾਂ ਦੇ ਕਰਜ ਮੁਆਫ਼ ਹੋਏ ਉਨ੍ਹਾਂ ਦੇ ਚਿਹਰੇ ਦੀ ਰੌਣਕ ਵੇਖਣ ਵਾਲੀ ਸੀ ਅਤੇ ਉਹ ਕਰਜ਼ ਮੁਆਫ਼ੀ ਦੇ ਸਰਟੀਫ਼ਿਕੇਟ ਦੇ ਰੂਪ ਵਿੱਚ ਖੁਸ਼ੀਆਂ ਦਾ ਸਰਟੀਫਿਕੇਟ ਲੈ ਕੇ ਘਰਾਂ ਨੂੰ ਮੁੜੇ।
ਇਸ ਮੌਕੇ ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ੍ਰੀ ਗੁਰਜੰਟ ਸਿੰਘ ਸਿਵੀਆਂ ਨੇ ਪੰਜਾਬ ਸਰਕਾਰ ਵੱਲੋਂ ਸਬੰਧਤ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਤੇ ਜਿੱਥੇ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਸੂਬਾ ਸਰਕਾਰ ਵੱਲੋਂ ਐਸ.ਸੀ. ਭਾਈਚਾਰੇ ਨਾਲ ਸਬੰਧਤ ਲੋਕਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਮੈਡਮ ਸਪਨਾ ਬਾਂਸਲ, ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਬਲਕਾਰ ਸਿੰਘ ਭੋਖੜਾ, ਆਪ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਸਿਵੀਆਂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨੁਮਾਇੰਦੇ ਮਨਵੀਰ ਸਿੰਘ ਤੇ ਹੋਰ ਸਟਾਫ਼ ਤੇ ਲਾਭਪਾਤਰੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।