ਭੂਪੇਸ਼ ਬਘੇਲ ਦੇ ਫ਼ਤਿਹਗੜ੍ਹ ਸਾਹਿਬ ਦੌਰੇ ਨੇ ਕਾਂਗਰਸੀ ਵਰਕਰਾਂ 'ਚ ਭਰਿਆ ਨਵਾਂ ਜੋਸ਼: ਨਾਗਰਾ ਦੀ ਅਗਵਾਈ ਹੇਠ ਮੀਟਿੰਗ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ
ਰਵਿੰਦਰ ਸਿੰਘ ਢਿੱਲੋਂ
ਸ੍ਰੀ ਫ਼ਤਿਹਗੜ੍ਹ ਸਾਹਿਬ, 31 ਜੁਲਾਈ 2026 :
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ (ਸਰਹਿੰਦ) ਪਹੁੰਚਣ 'ਤੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਰਵਾਈ ਗਈ ਇਸ ਮੀਟਿੰਗ ਨੇ ਦੇਖਦਿਆਂ ਹੀ ਦੇਖਦਿਆਂ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ।
ਫ਼ਤਿਹਗੜ੍ਹ ਸਾਹਿਬ ਵਿਖੇ ਆਯੋਜਿਤ "ਮੇਰਾ ਬੂਥ ਸਭ ਤੋਂ ਮਜ਼ਬੂਤ" ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਧਾਨਾਂ, ਅਹੁਦੇਦਾਰਾਂ, ਬਲਾਕ, ਮੰਡਲ ਅਤੇ ਬੂਥ ਪ੍ਰਧਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦਾ ਬੂਥ ਪੱਧਰੀ ਵਰਕਰ ਹੈ। ਜੇਕਰ ਹਰ ਬੂਥ ਮਜ਼ਬੂਤ ਹੋਵੇਗਾ ਤਾਂ ਪਾਰਟੀ ਦੀ ਜਿੱਤ ਯਕੀਨੀ ਹੈ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ।
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਮੁੜ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਉੱਥੇ ਹੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਹਮੇਸ਼ਾ ਤੋਂ ਕਾਂਗਰਸ ਦਾ ਗੜ੍ਹ ਰਿਹਾ ਹੈ ਅਤੇ ਇਹ ਭਾਰੀ ਇਕੱਠ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਵੱਡੀ ਜਿੱਤ ਦਾ ਸਬੂਤ ਹੈ।
- Download Babushahi App
-
-