ਮਜ਼ਦੂਰ ਜਥੇਬੰਦੀਆਂ ਵੱਲੋਂ ਨਵੇਂ ਸਾਲ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਧਰਨੇ ਦੇਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ ,16 ਨਵੰਬਰ 2025:ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਖਿਲਾਫ ਅਤੇ ਚਿਰਾਂ ਤੋਂ ਲਟਕਦੀਆਂ ਮਜ਼ਦੂਰ ਮੰਗਾਂ ਮਨਵਾਉਣ ਲਈ ਲੰਮੇ ਸੰਘਰਸ਼ ਦਾ ਐਲਾਨ ਕੀਤਾ ਹੈ।ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਾਂਝੇ ਮੋਰਚੇ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੱਸਿਆ ਕਿ ਪੰਜਾਬ ਖੇਤ ਮਜ਼ਦੂਰ ਸਭਾ ਦੇ ਲੁਧਿਆਣਾ ਸਥਿਤ ਦਫ਼ਤਰ ਵਿਖੇ ਸਾਥੀ ਗੁਲਜ਼ਾਰ ਗੋਰੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਜਥੇਬੰਦੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਮਜ਼ਦੂਰ ਵਿਰੋਧੀ ਰਵੱਈਏ ਦੀ ਨਿਖੇਧੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਲਈ 5-6 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਇਕ ਦਿਨਾ ਧਰਨੇ ਲਾਉਣ ਤੋਂ ਬਾਅਦ, ਮਾਰਚ ਦੇ ਪਹਿਲੇ ਹਫਤੇ ਚੰਡੀਗੜ੍ਹ ਵਿਖੇ ਮਜ਼ਦੂਰ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ।
ਮੀਟਿੰਗ 'ਚ ਸ਼ਾਮਲ ਜਥੇਬੰਦੀਆਂ ਦੇ ਸੂਬਾਈ ਆਗੂਆਂ ਦੇਵੀ ਕੁਮਾਰੀ ਸਰਹਾਲੀ ਕਲਾਂ, ਸੂਬਾ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ,ਲਛਮਣ ਸਿੰਘ ਸੇਵੇਵਾਲਾ, ਸੂਬਾ ਸਕੱਤਰ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਰਸ਼ਨ ਨਾਹਰ, ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ, ਤਰਸੇਮ ਪੀਟਰ, ਸੂਬਾ ਪ੍ਰਧਾਨ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਗੁਰਮੇਸ਼ ਸਿੰਘ ਸੂਬਾ ਸਕੱਤਰ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਕੁਲਵੰਤ ਸਿੰਘ ਸੇਲਵਰਾ ਸੂਬਾ ਪ੍ਰਧਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ , ਵਿਜੇ ਸੋਹਲ ਸੂਬਾ ਸਕੱਤਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਲੈਕੇ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ, ਧਰਨੇ ਮੁਜ਼ਾਹਰੇ ਅਤੇ ਅਨੇਕਾਂ ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਅਜੇ ਮੌਜੂਦਾ ਸਰਕਾਰ ਮਜ਼ਦੂਰਾਂ ਵੱਲ ' ਪਿੱਠ ਕਰਕੇ ' ਖੜ੍ਹੀ ਹੈ।
ਉਹਨਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਅੰਦਰ ਹੜ੍ਹਾਂ/ਬਾਰਸ਼ਾਂ ਨਾਲ ਹੋਰਨਾਂ ਤਬਕਿਆਂ ਦੇ ਨਾਲ ਨਾਲ ਬੇਜ਼ਮੀਨੇ ਮਜ਼ਦੂਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਪਰ ਸਰਕਾਰ ਨੇ ਫੋਕੇ ਲਾਰਿਆਂ ਤੋਂ ਬਿਨਾਂ ਮਜ਼ਦੂਰਾਂ ਦੇ ਕੁਝ ਵੀ ਪੱਲੇ ਨਹੀਂ ਪਾਇਆ। ਉਹਨਾਂ ਕਿਹਾ ਮਨਰੇਗਾ ਸਕੀਮ ਠੱਪ ਪਈ ਹੈ ਤੇ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਵੱਡੇ ਸਰਮਾਏਦਾਰਾਂ ਅਤੇ ਜਾਗੀਰਦਾਰਾਂ ਨੂੰ ਫ਼ਾਇਦੇ ਪਹੁੰਚਾਉਣ ਵਾਲੇ ਅਖੌਤੀ ਵਿਕਾਸ ਮਾਡਲ ਨੂੰ ਲਗਾਤਾਰ ਲਾਗੂ ਕਰਕੇ, ਮਜ਼ਦੂਰਾਂ ਕੋਲੋਂ ਸਿਹਤ, ਸਿਖਿਆ, ਬਿਜਲੀ ਵਰਗੀਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ, ਪੰਚਾਇਤੀ ਤੇ ਸਰਕਾਰੀ ਜਾਇਦਾਦਾਂ ਵੇਚਣ ਅਤੇ ਚਿੱਪ ਵਾਲੇ ਮੀਟਰ ਲਾਕੇ ਮਜ਼ਦੂਰਾਂ ਦੇ ਘਰਾਂ 'ਚ ਹਨੇਰਾ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ ।
ਮਜ਼ਦੂਰ ਜਥੇਬੰਦੀਆਂ ਮੰਗ ਕੀਤੀ ਕਿ ਕਿ ਹੜਾਂ ਬਾਰਸ਼ਾਂ /ਕਾਰਨ ਮਜ਼ਦੂਰਾਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਸੌ ਫ਼ੀਸਦੀ ਭਰਪਾਈ ਕੀਤੀ ਜਾਵੇ , ਬੇਘਰੇ ਤੇ ਲੋੜਵੰਦਾਂ ਨੂੰ ਦਸ ਦਸ ਮਰਲੇ ਦੇ ਪਲਾਟ ਤੇ ਮਕਾਨ ਉਸਾਰੀ ਲਈ ਪੰਜ ਲੱਖ ਰੁਪਏ ਦਿੱਤੇ ਜਾਣ, ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ, ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣਾ ਯਕੀਨੀ ਕੀਤਾ ਜਾਵੇ, ਜ਼ਮੀਨ ਹੱਦਬੰਦੀ ਕਾਨੂੰਨ ਫੌਰੀ ਲਾਗੂ ਕੀਤਾ ਜਾਵੇ,ਵਿਧਵਾ ਬੁਢਾਪਾ ਪੈਨਸ਼ਨ 5000/- ਰੁਪਏ ਕੀਤੀ ਜਾਵੇ, ਔਰਤਾਂ ਦੇ ਖਾਤੇ ਵਿੱਚ 1100/- ਰੁਪਏ ਹਰ ਮਹੀਨੇ ਪਾਉਣ ਸਮੇਤ ਸਾਰੀਆਂ ਚੋਣ ਗਰੰਟੀਆਂ ਲਾਗੂ ਕੀਤੀਆਂ ਜਾਣ।
ਮਜ਼ਦੂਰ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਮੀਟਿੰਗਾਂ ਰੈਲੀਆਂ ਕਰਕੇ ਵੱਡੇ ਪੱਧਰ 'ਤੇ ਚੇਤਨਾ ਮੁਹਿੰਮ ਚਲਾਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸੇ ਮਹੀਨੇ ਦੀ 22ਅਤੇ 23 (ਨਵੰਬਰ) ਨੂੰ ਜ਼ਿਲ੍ਹਾ ਪੱਧਰੀਆਂ ਮੀਟਿੰਗਾਂ ਕਰਕੇ ਪੰਜਾਬ ਭਰ ਚ ਮੁਹਿੰਮ ਭਖਾ ਦਿੱਤੀ ਜਾਵੇਗੀ।ਇਕ ਮਤੇ ਰਾਹੀਂ ਮਜ਼ਦੂਰ ਮੋਰਚੇ ਨੇ ਦਿੱਲੀ ਕਿਸਾਨ ਅੰਦੋਲਨ ਦੀ ਪੰਜਵੀਂ ਵਰੇਗੰਢ ਮੌਕੇ ਸੁਯੰਕਤ ਕਿਸਾਨ ਮੋਰਚੇ ਵਲੋਂ ਰੱਖੇ ਧਰਨੇ ਦੀ ਹਮਾਇਤ ਦਾ ਵੀ ਐਲਾਨ ਕੀਤਾ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਬਲਦੇਵ ਸਿੰਘ ਨੂਰਪੁਰੀ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਗਿਆਨ ਸੈਦਪੁਰੀ ਵੀ ਹਾਜ਼ਰ ਸਨ ।