ਮਨੀਸ਼ ਤਿਵਾੜੀ ਦੀ ਪ੍ਰਧਾਨਗੀ ਹੇਠ ਸੂਬਾ ਪਧਰੀ ਸਲਾਹਕਾਰ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਹੋਈ
- ਵੱਖ-ਵੱਖ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ
ਪ੍ਰਮੋਦ ਭਾਰਤੀ
ਚੰਡੀਗੜ੍ਹ, 1 ਜੁਲਾਈ,2025 - ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਚੰਡੀਗੜ੍ਹ ਵਿਖੇ ਚੱਲ ਰਹੀਆਂ ਵੱਖ-ਵੱਖ ਕੇਂਦਰੀ ਸਕੀਮਾਂ ਤੇ ਕੰਮ ਕਾਜ ਦੀ ਸਮੀਖਿਆ ਕਰਨ ਲਈ ਸੂਬਾ ਪਧਰੀ ਸਲਾਹਕਾਰ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਸਾਰੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਇੱਕ ਵਿਆਪਕ ਨੀਤੀ ਤਿਆਰ ਕੀਤੀ ਜਾਵੇ, ਜਿਨਾਂ ਦੇ ਘਰਾਂ ਨੂੰ ਸਾਲ 2007 ਤੋਂ ਸਾਲ 2025 ਤੱਕ ਵੱਖ-ਵੱਖ ਝੁੱਗੀਆਂ-ਝੌਂਪੜੀਆਂ ਸਾਫ਼ ਕਰਨ ਦੀਆਂ ਮੁਹਿੰਮਾਂ ਵਿੱਚ ਢਾਹ ਦਿੱਤਾ ਗਿਆ ਸੀ।
ਇਸੇ ਤਰ੍ਹਾਂ ਉਹਨਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਡੂ ਮਾਜਰਾ ਡੰਪ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ), ਪਾਰਲੀਮੈਂਟ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਸਬੰਧੀ ਪਾਰਲੀਮੈਂਟ ਦੀ ਸਥਾਈ ਕਮੇਟੀ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਮੇਤ ਵੱਖ-ਵੱਖ ਸੰਵਿਧਾਨਕ ਸੰਸਥਾਵਾਂ ਨੂੰ ਦਿੱਤੀਆਂ ਗਈਆਂ ਸਮਾਂ-ਸੀਮਾਵਾਂ ਨੂੰ ਪੂਰਾ ਕਰਦੇ ਹੋਏ ਪੂਰੀ ਤਰ੍ਹਾਂ ਸਾਫ਼ ਕੀਤਾ ਜਾਵੇ।
ਤਿਵਾੜੀ ਨੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਅਫ਼ਸਰਾਂ ਨੂੰ ਉਨ੍ਹਾਂ ਲੋਕਾਂ ਲਈ ਲੋੜ-ਅਧਾਰਤ ਤਬਦੀਲੀਆਂ ਅਤੇ ਯਕਮੁਸ਼ਤ ਮੁਆਫ਼ੀ ਯੋਜਨਾ ਨੂੰ ਲਾਗੂ ਕਰਨ ਲਈ ਵਾਸਤੇ ਇੱਕ ਏਜੰਡਾ ਆਈਟਮ ਲੈ ਕੇ ਆਉਣ ਲਈ ਕਿਹਾ, ਜਿਹੜੇ ਬਕਾਏ ਦਾ ਭੁਗਤਾਨ ਨਹੀਂ ਕਰ ਸਕੇ।
ਮੀਟਿੰਗ ਦੌਰਾਨ ਚੰਡੀਗੜ੍ਹ ਤੋਂ ਮੇਅਰ ਹਰਪ੍ਰੀਤ ਕੌਰ ਬਬਲਾ, ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ, ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸੀਈਓ ਅਜੈ ਚਾਗਤੀ, ਸਾਬਕਾ ਮੇਅਰ ਕਮਲੇਸ਼ ਕੁਮਾਰੀ, ਪੰਜਾਬ ਤੇ ਹਰਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਬੀਐਮ ਖੰਨਾ, ਕਮੇਟੀ ਮੈਂਬਰ ਐਡਵੋਕੇਟ ਡੀਪੀਐਸ ਰੰਧਾਵਾ ਸਣੇ ਹੋਰ ਪਤਵੰਤੇ ਸੱਜਣ ਅਤੇ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ।