ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ - ਭਗਵੰਤ ਮਾਨ
- ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ
- ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ
- ਪਰਜਾ ਮੰਡਲ ਲੀਡਰ ਦੀ ਯਾਦ ਵਿੱਚ ਦੋ ਸੜਕਾਂ ਦਾ ਨੀਂਹ ਪੱਥਰ ਰੱਖਿਆ
ਢਢੋਗਲ (ਸੰਗਰੂਰ), 10 ਅਗਸਤ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।
ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਕੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਵਰਗੀਆਂ ਅਲਾਮਤਾਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਵੀ ਕੋਈ ਠੋਸ ਯਤਨ ਨਹੀਂ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਅੰਦੋਲਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਸੱਤਾ ਵਿੱਚ ਬੈਠੇ ਲੋਕਾਂ ਤੋਂ ਉਨ੍ਹਾਂ ਦੀ ਦੇਸ਼ ਭਗਤੀ ਲਈ ਕਿਸੇ ਵੀ ਤਰ੍ਹਾਂ ਦੀ ਐਨ.ਓ.ਸੀ. ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਪ੍ਰਤੀ ਇਸ ਤਰ੍ਹਾਂ ਦਾ ਨਿਰਾਦਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ ਅਤੇ ਸਿਸਟਮ ਨੂੰ ਤਬਾਹ ਕਰ ਦਿੱਤਾ ਸੀ ਜਿਸ ਕਾਰਨ ਨਿਰਾਸ਼ ਹੋਏ ਨੌਜਵਾਨ ਵਿਦੇਸ਼ ਜਾਣਾ ਚਾਹੁੰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਉਸ ਦੇਸ਼ ਵਿੱਚ ਜਾ ਕੇ ਕੰਮ ਕਰਨਾ ਪਿਆ, ਜਿਸ ਦੇ ਸ਼ਾਸਕਾਂ ਨੂੰ ਸਾਡੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੇ ਦੇਸ਼ ‘ਚੋਂ ਭਜਾ ਦਿੱਤਾ ਸੀ। ਪਿਛਲੀਆਂ ਸਰਕਾਰਾਂ ਦੇ ਆਗੂਆਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਬਣਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਅਤੇ ਵੱਡੇ ਦਰਵਾਜ਼ੇ ਆਮ ਤੌਰ 'ਤੇ ਲੋਕਾਂ ਲਈ ਬੰਦ ਹੀ ਰਹਿੰਦੇ ਸਨ ਅਤੇ ਜਿਸ ਤਰ੍ਹਾਂ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿੰਦੇ ਸਨ, ਪੰਜਾਬ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਹੈ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਵਿਕਾਸ ਦੀ ਗਤੀ ਵੀ ਪੱਛੜ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਰਸੂਖ਼ ਅਤੇ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਵੱਲ ਧੱਕ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਸਗੋਂ ਉਨ੍ਹਾਂ ਦਾ ਧਿਆਨ ਸਿਰਫ਼ ਆਪਣੇ ਪਰਿਵਾਰਾਂ ਨੂੰ ਖੁਸ਼ਹਾਲ ਕਰਨ ਵੱਲ ਰਿਹਾ।
ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਹਿੰਦ ਦੀ ਚਾਦਰ' (ਮਨੁੱਖਤਾ ਦੇ ਰਾਖੇ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਅਤੇ ਨਗਰਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੀ ਲਾਹਨਤ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ 'ਜਰਨੈਲਾਂ' ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੁਣਨ ‘ਚ ਆਇਆ ਹੈ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ,ਪਰ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਅਜਿਹੇ ਆਗੂਆਂ ਨੂੰ ਹਰ ਹੀਲੇ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਭਰ ਵਿੱਚ ਸਿਰਫ਼ 21 ਫੀਸਦ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਨਹਿਰੀ ਪਾਣੀ ਮਿਲ ਰਿਹਾ ਸੀ, ਪਰ ਅੱਜ ਇਹ ਅੰਕੜਾ 63 ਫੀਸਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਨਹਿਰੀ ਅਤੇ ਦਰਿਆਈ ਪਾਣੀ ਸੂਬੇ ਦੀਆਂ ਟੇਲਾਂ ‘ਤੇ ਵਸਦੇ ਪਿੰਡਾਂ ਤੱਕ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਸ਼ਹੀਦ ਭਗਤ ਸਿੰਘ ਢਢੋਗਲ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਉਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਹੈ, ਜਿਨ੍ਹਾਂ ਨੇ ਆਪਣੇ ਦੇਸ਼ ਖ਼ਾਤਰ ਸਾਰੇ ਸੰਸਾਰਕ ਸੁੱਖ, ਦੌਲਤ, ਜਾਇਦਾਦ ਅਤੇ ਮੋਹ ਤਿਆਗ ਦਿੱਤੇ ਅਤੇ ਆਜ਼ਾਦੀ ਦੇ ਜਨੂੰਨ ਨਾਲ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ ਉਨ੍ਹਾਂ ਬਹਾਦਰ ਰੂਹਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਤਾਕਤਵਰ ਹਕੂਮਤਾਂ ਦੇ ਜ਼ੁਲਮ, ਅੱਤਿਆਚਾਰ, ਬੇਇਨਸਾਫ਼ੀ ਅਤੇ ਵਿਤਕਰੇ ਵਿਰੁੱਧ ਲੜਨਾ ਆਪਣਾ ਫਰਜ਼ ਸਮਝਿਆ ਅਤੇ ਅੰਤ ਵਿੱਚ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਪਰਜਾ ਮੰਡਲ ਲਹਿਰ ਦੇ ਇੱਕ ਮੋਢੀ ਅਤੇ ਸੇਵਾ ਸਿੰਘ ਠੀਕਰੀਵਾਲ ਜੀ ਦੇ ਨਜ਼ਦੀਕੀ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲਹਿਰ ਵਿੱਚ ਸਰਗਰਮ ਸ਼ਮੂਲੀਅਤ ਕਾਰਨ ਉਨ੍ਹਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਰਿਹਾਈ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਰਿਆਸਤੀ ਪਰਜਾ ਮੰਡਲ (ਪੀਪਲਜ਼ ਐਸੋਸੀਏਸ਼ਨ ਆਫ਼ ਦਿ ਪ੍ਰਿੰਸਲੀ ਸਟੇਟਸ) ਦੀ ਸਥਾਪਨਾ ਤੋਂ ਬਾਅਦ ਉਹ ਲਹਿਰ ਦੇ ਮੋਢੀ ਅਤੇ ਮੁੱਖ ਬੁਲਾਰੇ ਵਜੋਂ ਉੱਭਰ ਕੇ ਸਾਹਮਣੇ ਆਏ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ 17 ਕਰੋੜ 21 ਲੱਖ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੜਕ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾ ਰਹੀ ਹੈ, ਜੋ ਧੂਰੀ-ਅਮਰਗੜ੍ਹ ਰੋਡ ਤੋਂ ਧੂਰੀ-ਛੀਂਟਾ ਵਾਲਾ ਰੋਡ ਤੱਕ ਲਿੰਕ ਰੋਡ ਨੂੰ ਜੋੜਦੀ ਹੈ ਅਤੇ ਢਢੋਗਲ, ਬੁਰਜ ਗੋਹਰਾ, ਬੁਰਜ ਸੇਡਾ, ਚੀਮਾ, ਭੜੀ ਮਾਨਸਾ ਅਤੇ ਸਮੁੰਦਗੜ੍ਹ ਛੰਨਾ ਵਿੱਚੋਂ ਲੰਘਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੂਜੀ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈ ਜਾ ਰਹੀ ਹੈ, ਜੋ ਅਮਰਗੜ੍ਹ ਨੂੰ ਧੂਰੀ-ਬਾਗੜੀਆਂ ਰੋਡ ਨਾਲ ਜੋੜਦੀ ਹੈ ਅਤੇ ਢਢੋਗਲ, ਖੇੜੀ ਜੱਟਾਂ, ਲੋਹਾਰ ਮਾਜਰਾ ਅਤੇ ਈਸੀ (ਬਿਜਲੀ ਕਲੋਨੀ) ਵਿੱਚੋਂ ਲੰਘਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ 18 ਫੁੱਟ ਚੌੜੀਆਂ ਹੋਣਗੀਆਂ ਅਤੇ ਠੇਕੇਦਾਰ ਪੰਜ ਸਾਲਾਂ ਲਈ ਸੜਕ ਦੇ ਰੱਖ-ਰਖਾਅ ਲਈ ਵੀ ਜ਼ਿੰਮੇਵਾਰ ਹੋਵੇਗਾ।