ਮਾਨ ਸਰਕਾਰ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼: ਕੀਮਤੀ ਭਗਤ
ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗਊਧਨ ਦੀ ਸਾਂਭ-ਸੰਭਾਲ ਦਾ ਜਾਇਜ਼ਾ
ਅੰਮ੍ਰਿਤਸਰ ਦੀਆਂ 14 ਗਊਸ਼ਾਲਾਵਾਂ ਨੂੰ ਮੁਹੱਈਆ ਕਰਵਾਏ ਗਏ ਕਾਓ ਲਿਫਟਰ
ਗਊਸ਼ਾਲਾਵਾਂ ਵਿੱਚ ਰੱਖੇ ਹਰੇਕ ਗਊਧਨ ਦੀ ਸੰਭਾਲ ਲਈ ਮਿਲਣਗੇ ਰੋਜ਼ਾਨਾ 61 ਰੁਪਏ
ਅੰਮ੍ਰਿਤਸਰ, 24 ਸਤੰਬਰ 2026- ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਗਊਸ਼ਾਲਾਵਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 14 ਗਊਸ਼ਾਲਾਵਾਂ ਵੀ ਸ਼ਾਮਲ ਹਨ।
ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।
ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਜ਼ਖ਼ਮੀ ਗਊਧਨ ਦੇ ਇਲਾਜ ਅਤੇ ਦੇਖਭਾਲ ਲਈ ਪੰਜਾਬ ਸਰਕਾਰ ਵੱਲੋਂ ਕਮਿਸ਼ਨ ਦੀ ਸਿਫ਼ਾਰਸ਼ 'ਤੇ 3.6 ਕਰੋੜ ਰੁਪਏ ਦੀ ਲਾਗਤ ਨਾਲ ਗਊਸ਼ਾਲਾਵਾਂ ਨੂੰ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 14 ਗਊਸ਼ਾਲਾਵਾਂ ਵੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਵਿੱਚ ਰੱਖੇ ਹਰੇਕ ਗਊਧਨ ਦੀ ਸਾਂਭ-ਸੰਭਾਲ ਲਈ ਰੋਜ਼ਾਨਾ 61 ਰੁਪਏ ਦੇਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਲਦ ਹੀ ਇਸ ਸਬੰਧੀ ਮੀਟਿੰਗ ਕਰਕੇ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਉੱਪ ਚੇਅਰਮੈਨ ਨੇ ਕਿਹਾ ਕਿ ਸੂਬੇ ਵਿੱਚ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਬਿਹਤਰੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਬੇਸਹਾਰਾ ਗਊਧਨ ਸੜਕਾਂ 'ਤੇ ਲਾਵਾਰਿਸ ਨਾ ਘੁੰਮੇ। ਉਨ੍ਹਾਂ ਕਿਹਾ ਕਿ ਲਾਵਾਰਿਸ ਗਊਧਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਸੜਕ ਹਾਦਸਿਆਂ ਅਤੇ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਸਥਾਈ ਹੱਲ ਅਤੇ ਗਊਸ਼ਾਲਾਵਾਂ ਦੀ ਸਮਰੱਥਾ ਵਧਾਉਣ ਲਈ ਉਹ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਪਸ਼ੂ ਪਾਲਣ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਦਿਆਂ ਸਰਕਾਰੀ ਗਊਸ਼ਾਲਾਵਾਂ ਦੇ ਪ੍ਰਬੰਧਾਂ, ਗਊ ਸੈੱਸ, ਗਊ-ਮਾਸ ਅਤੇ ਗਊ ਤਸਕਰੀ ਦੀ ਰੋਕਥਾਮ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲਾਂ ਅਤੇ ਵੱਖ-ਵੱਖ ਵਿਭਾਗਾਂ ਕੋਲ ਇਕੱਤਰ ਹੋਏ ਗਊ ਸੈੱਸ ਦੀ ਰਾਸ਼ੀ ਨੂੰ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਬਿਹਤਰੀ ਲਈ ਵਰਤਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕਰਨ ਅਤੇ ਸੜਕਾਂ 'ਤੇ ਘੁੰਮ ਰਹੇ ਲਾਵਾਰਿਸ ਤੇ ਬੇਸਹਾਰਾ ਗਊਧਨ ਨੂੰ ਜਲਦ ਤੋਂ ਜਲਦ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਨਵਰਾਜ ਸਿੰਘ ਸੰਧੂ, ਡੀ.ਡੀ.ਪੀ.ਓ. ਸ੍ਰੀ ਪ੍ਰੀਤਇੰਦਰ ਸਿੰਘ ਸਹੋਤਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਅਜਨਾਲਾ ਸ੍ਰੀ ਦਿਨੇਸ਼ ਸੂਰੀ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜੰਡਿਆਲਾ ਸ੍ਰੀ ਅਨਿਲ ਚੋਪੜਾ, ਵੈਟਰਨਰੀ ਅਫ਼ਸਰ ਡਾ. ਪੁਨੀਤ ਮਲਹੋਤਰਾ, ਇੰਸਪੈਕਟਰ ਮਨਦੀਪ ਕੌਰ, ਈ.ਟੀ.ਓ. ਸ੍ਰੀ ਰਮਨ ਪੁਰੀ, ਡਾ. ਗੀਤੂ ਸਰੀਨ, ਗਊਸ਼ਾਲਾ ਘਿਓ ਮੰਡੀ ਦੇ ਪ੍ਰਬੰਧਕ ਸ੍ਰੀ ਅਰੁਨ ਗੁਪਤਾ, ਸ੍ਰੀ ਅਸ਼ੋਕ ਕਪੂਰ ਤੋਂ ਇਲਾਵਾ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਸੇਵਾਦਾਰ ਹਾਜ਼ਰ ਸਨ।
- Download Babushahi App
-
-