ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ 19.64 ਲੱਖ ਰੁਪਏ ਦਾ ਚੈੱਕ ਭੇਟ
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ, ਪ੍ਰਤੀ ਫਾਰਮ 25 ਰੁਪਏ ਦੇਣ ਦਾ ਕੀਤਾ ਸੀ ਐਲਾਨ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ, 25 ਨਵੰਬਰ 2026- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਅਤੇ ਫਾਰਮ ਭਰਨ ਦੀ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਾਨਤਾ ਦਿੰਦਿਆਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਵਿਖੇ ਆਂਗਣਵਾੜੀ ਵਰਕਰਾਂ ਨੂੰ 19,64,350 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਹ ਰਾਸ਼ੀ ਵਰਕਰਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।
ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਯੋਜਨਾ ਦੀ ਰਜਿਸਟ੍ਰੇਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਨੇ ਜ਼ਮੀਨੀ ਪੱਧਰ 'ਤੇ ਬਹੁਤ ਹੀ ਅਹਿਮ ਭੂਮਿਕਾ ਨਿਭਾਈ। ਕਈ ਥਾਵਾਂ 'ਤੇ ਸਰਵਰ ਅਤੇ ਇੰਟਰਨੈੱਟ ਦੀਆਂ ਸਮੱਸਿਆਵਾਂ ਆਉਣ ਦੇ ਬਾਵਜੂਦ ਵਰਕਰਾਂ ਨੇ ਨਿਰਧਾਰਤ ਸਮੇਂ ਅੰਦਰ ਆਪਣੀ ਜ਼ਿੰਮੇਵਾਰੀ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਵਰਕਰਾਂ ਨੇ ਛੁੱਟੀਆਂ ਦੇ ਦਿਨਾਂ ਵਿੱਚ ਵੀ ਦਿਨ-ਰਾਤ ਮਿਹਨਤ ਕਰਕੇ ਮਹਿਲਾਵਾਂ ਦੇ ਫਾਰਮ ਭਰੇ ਅਤੇ ਉਨ੍ਹਾਂ ਦਾ ਡਾਟਾ ਦਰਜ ਕੀਤਾ। ਸਰਕਾਰ ਵੱਲੋਂ ਇਸ ਮਿਹਨਤ ਦੇ ਬਦਲੇ ਪ੍ਰਤੀ ਫਾਰਮ 25 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਹੁਣ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਸੀ.ਡੀ.ਪੀ.ਓ. ਨਕੋਦਰ ਜੋਗਿੰਦਰ ਕੌਰ ਅਤੇ ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਪਰਮਜੀਤ ਕੌਰ ਨੇ ਵਿਧਾਇਕਾ ਇੰਦਰਜੀਤ ਕੌਰ ਮਾਨ ਕੋਲੋਂ ਚੈੱਕ ਪ੍ਰਾਪਤ ਕੀਤਾ। ਪਰਮਜੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੀ ਸਰਕਾਰ ਹੈ, ਜਿਸ ਨੇ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸੇਵਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਹੈ।
ਉਨ੍ਹਾਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਮਹਿਲਾਵਾਂ ਅਤੇ ਆਂਗਣਵਾੜੀ ਵਰਕਰਾਂ ਦੇ ਹੱਕਾਂ ਲਈ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੀ ਹਰ ਸਮੇਂ ਬੀਬੀ ਇੰਦਰਜੀਤ ਕੌਰ ਮਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ।
- Download Babushahi App
-
-